ਕੈਪਟਨ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰਨਗੇ ਅਧਿਆਪਕ
ਏਬੀਪੀ ਸਾਂਝਾ | 27 Jun 2018 01:05 PM (IST)
ਚੰਡੀਗੜ੍ਹ: ਅਧਿਆਪਕਾਂ ਨੇ ਫਿਰ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਮੰਗਲਵਾਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ’ਚ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਐਲਾਨ ਕੀਤਾ ਕਿ ਕੈਪਟਨ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ। ਇਸ ਲਈ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਏਗਾ। ਅਧਿਆਪਕ ਲੀਡਰਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 27 ਅਪਰੈਲ ਨੂੰ ਮੋਰਚੇ ਨਾਲ ਮੀਟਿੰਗ ਕਰਕੇ ਸਮੂਹ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ ਸੀ। ਉਨ੍ਹਾਂ ਨੇ ਸ਼ਾਹਕੋਟ ਉੱਪ ਚੋਣ ਦਾ ਹਵਾਲਾ ਦਿੱਤਾ ਸੀ ਕਿ 4 ਜੂਨ ਨੂੰ ਮੁੜ ਮੀਟਿੰਗ ਕਰਕੇ ਮੰਗਾਂ ਦੇ ਹੱਲ ਦਾ ਐਲਾਨ ਕੀਤਾ ਜਾਵੇਗਾ। ਹੁਣ ਸਰਕਾਰ ਮੀਟਿੰਗ ਕਰਨ ਤੋਂ ਪਿੱਛੇ ਹਟ ਗਈ ਤੇ ਡੰਗ ਟਪਾਊ ਨੀਤੀ ਅਪਣਾ ਰਹੀ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ 24 ਜੁਲਾਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਨੂੰ ਸੰਘਰਸ਼ ਦਾ ਕੇਂਦਰ ਬਣਾਇਆ ਜਾਵੇਗਾ ਤੇ ਮੋਤੀ ਮਹਿਲ ਵੱਲ ਵਾਹਨ ਮਾਰਚ ਕੀਤਾ ਜਾਵੇਗਾ। ਇਸ ਦੇ ਨਾਲ ਹੀ 6 ਅਗਸਤ ਨੂੰ ਪਟਿਆਲਾ ’ਚ ਸੂਬਾ ਪੱਧਰੀ ਪੱਕਾ ਮੋਰਚਾ ਲਾਇਆ ਜਾਵੇਗਾ। ਅਧਿਆਪਕ ਲੀਡਰਾਂ ਨੇ ਦੱਸਿਆ ਕਿ 6 ਜੁਲਾਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਰੋਸ ਪੱਤਰ ਭੇਜੇ ਜਾਣਗੇ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਪੱਕੇ ਮੋਰਚੇ ਤੋਂ ਬਾਅਦ ਜੇਲ੍ਹ ਭਰੋ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ। ਜਥੇਬੰਦੀ ਨੇ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ, ਉਜਾੜਾ ਕਰੂ ਬਦਲੀ ਨੀਤੀ ਦੀ ਥਾਂ ’ਤੇ ਮੋਰਚੇ ਵੱਲੋਂ ਦਿੱਤੇ ਗਏ ਸੁਝਾਅ ਅਨੁਸਾਰ ਨੀਤੀ ਲਾਗੂ ਕੀਤੀ ਜਾਵੇ, ਹਰ ਕਿਸਮ ਦੀਆਂ ਤਰੱਕੀਆਂ ਕੀਤੀਆਂ ਜਾਣ, ਡੀਏ ਦੀਆਂ ਕਿਸ਼ਤਾਂ ਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ। 3582 ਅਧਿਆਪਕਾਂ ਨੂੰ ਸਰਹੱਦੀ ਇਲਾਕਿਆਂ ’ਚ ਤਾਇਨਾਤ ਕਰਨ ਦਾ ਵਿਰੋਧ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਇਨ੍ਹਾਂ ਦੀਆਂ ਬਦਲੀਆਂ ਜੱਦੀ ਜ਼ਿਲ੍ਹਿਆਂ ਵਿੱਚ ਕੀਤੀਆਂ ਜਾਣ।