ਚੰਡੀਗੜ੍ਹ: ਐਸ.ਐਸ.ਏ./ਰਮਸਾ ਅਧਿਆਪਕਾਂ, ਹੈੱਡ ਮਾਸਟਰਾਂ ਤੇ ਲੈਬ ਅਟੈਂਡੈਂਟਾਂ ਦੀਆਂ ਤਿੰਨ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਜਾਰੀ ਕਰਵਾਉਣ ਸਮੇਤ ਹੋਰ ਮੰਗਾਂ ਸਬੰਧੀ ਅਧਿਆਪਕ ਕੱਲ੍ਹ ਪੰਜਾਬ ਭਰ 'ਚ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ 20 ਤੋਂ 25 ਫਰਵਰੀ ਤੱਕ ਜ਼ਿਲ੍ਹਾ ਪੱਧਰੀ ਰੈਲੀਆਂ ਵਿੱਚ ਅਧਿਆਪਕਾਂ ਨੂੰ ਲਾਮਬੰਦ ਕਰਕੇ 10 ਮਾਰਚ ਨੂੰ ਪਟਿਆਲਾ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।


ਸੂਬਾਈ ਅਧਿਆਪਕ ਆਗੂ ਰਾਮ ਭਜਨ ਚੌਧਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਸੇਵਾਵਾਂ ਰੈਗੂਲਰ ਕਰਨ ਦੇ ਵਾਅਦੇ ਤਹਿਤ ਅਧਿਆਪਕਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਪੂਰੀ ਤਨਖਾਹ ਤੇ ਸਾਰੀਆਂ ਸਾਹੂਲਤਾਂ ਸਮੇਤ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਕਰੇ। ਇਸ ਦੇ ਨਾਲ ਹੀ ਸਮੂਹ ਅਧਿਆਪਕਾਂ ਦੀਆਂ ਤਿੰਨ ਮਹੀਨਿਆਂ ਤੋਂ ਰੋਕੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਅਧਿਆਪਕਾਂ ਤੇ ਦਰਜ ਕੀਤੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ। ਉਨ੍ਹਾਂ ਆਖਿਆ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।