ਚੰਡੀਗੜ੍ਹ : ਦਿੱਲੀ ਸਰਹੱਦ 'ਤੇ ਚੱਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ 3 ਲੱਖ ਰੁਪਏ ਦੀ ਮਦਦ ਮਿਲੇਗੀ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਮਦਦ ਦੇਣਗੇ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਰਾਓ ਨੇ ਇਹ ਐਲਾਨ ਪਿਛਲੇ ਸਾਲ ਅੰਦੋਲਨ ਖਤਮ ਹੋਣ ਦੇ ਅਗਲੇ ਹੀ ਦਿਨ ਕੀਤਾ ਸੀ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖਿਆ ਗਿਆ ਹੈ।
ਪੰਜਾਬ ਦੇ 600 ਕਿਸਾਨ ਗੁਆ ਚੁੱਕੇ ਆਪਣੀ ਜਾਨ
ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਹੋਇਆ ਸੀ। 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਸਨ। ਹਾਲਾਂਕਿ ਬਾਅਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਅਗਲੇ ਹੀ ਦਿਨ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ।
ਕਾਂਗਰਸ ਨੂੰ ਛੱਡ ਕੇ ਬਣ ਰਿਹਾ ਨਵਾਂ ਫਰੰਟ
ਇਸ ਪ੍ਰੋਗਰਾਮ ਨੂੰ ਲੈ ਕੇ ਸਿਆਸੀ ਤੌਰ 'ਤੇ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਹੁਣ ਦੇਸ਼ ਵਿੱਚ ਭਾਜਪਾ ਦੇ ਖਿਲਾਫ ਇੱਕ ਨਵਾਂ ਮੋਰਚਾ ਬਣਾਇਆ ਜਾ ਰਿਹਾ ਹੈ। ਹਾਲਾਂਕਿ ਕਾਂਗਰਸ ਇਸ ਵਿੱਚ ਸ਼ਾਮਲ ਨਹੀਂ ਹੈ। ਆਮ ਆਦਮੀ ਪਾਰਟੀ ਹੁਣ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਪ੍ਰਧਾਨ ਕੇ. ਚੰਦਰਸ਼ੇਖਰ ਨਾਲ ਜੁੜ ਰਹੇ ਹਨ। ਇਸ ਤੋਂ ਇਲਾਵਾ ਕੇਜਰੀਵਾਲ ਪੱਛਮੀ ਬੰਗਾਲ ਦੀ ਸੀਐਮ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਵੀ ਸੰਪਰਕ ਵਿੱਚ ਹਨ।