ਮਾਨਸਾ: ਬੇਰੁਜ਼ਗਾਰ ਅਧਿਆਪਕਾਂ ਦੇ ਘਿਰਾਓ ਦੇ ਐਲਾਨ ਤੋਂ ਡਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੀਜੀ ਵਾਰ ਮਾਨਸਾ ਜ਼ਿਲ੍ਹੇ ਦੇ ਦੌਰੇ 'ਤੇ ਨਹੀਂ ਪਹੁੰਚੇ। ਇਸ ਤੋਂ ਪਹਿਲਾਂ ਵੀ ਦੋ ਵਾਰ ਬੇਰੁਜ਼ਗਾਰ ਅਧਿਆਪਕਾਂ ਨੇ ਘਿਰਾਓ ਦਾ ਐਲਾਨ ਕੀਤਾ ਸੀ ਤੇ ਸਕੱਤਰ ਨਹੀਂ ਪਹੁੰਚੇ ਸਨ। ਬੇਰੁਜ਼ਗਾਰ ਅਧਿਆਪਕਾਂ ਨੇ ਉਨ੍ਹਾਂ ਦੇ ਮਾਨਸਾ ਪਹੁੰਚਣ 'ਤੇ ਘਿਰਾਓ ਕਰਨ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ।


ਸ਼ਾਮ ਤੱਕ ਸਕੱਤਰ ਦੇ ਨਾ ਪਹੁੰਚਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਬੱਚਤ ਭਵਨ ਦੇ ਨਜ਼ਦੀਕ, ਕਚਿਹਰੀਆਂ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਦੀ ਅਰਥੀ-ਫੂਕ ਕੇ ਰੋਸ-ਮੁਜ਼ਾਹਰਾ ਕੀਤਾ।

ਜ਼ਿਕਰਯੋਗ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਜੂਝ ਰਹੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਉਪਰ ਸੰਗਰੂਰ ਵਿਖੇ ਕਈ ਵਾਰ ਲਾਠੀਚਾਰਜ ਵੀ ਹੋ ਚੁੱਕਾ ਹੈ। ਟੈਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਕਿਹਾ, "ਈਟੀਟੀ ਉਮੀਦਵਾਰਾਂ ਲਈ 500 ਤੇ ਬੀਐੱਡ ਲਈ 2182 ਅਸਾਮੀਆਂ ਦੀ ਪ੍ਰਵਾਨਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਹੈ।

ਪੰਜਾਬ ਵਿੱਚ ਕਰੀਬ 15 ਹਜ਼ਾਰ ਈਟੀਟੀ ਤੇ 50 ਹਜ਼ਾਰ ਬੀਐੱਡ ਟੈਟ ਪਾਸ ਉਮੀਦਵਾਰ ਹਨ ਤੇ ਸਰਕਾਰੀ ਸਕੂਲਾਂ 'ਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਇਸ ਕਰਕੇ ਨਿਗੂਣੀ ਭਰਤੀ ਦਾ ਮੰਤਵ ਮਹਿਜ਼ ਖਜ਼ਾਨਾ ਭਰਨਾ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਠੰਢਾ ਪਾਉਣਾ ਹੈ।"