ਚੰਡੀਗੜ੍ਹ: 'ਆਮ ਆਦਮੀ ਪਾਰਟੀ' ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ ਦਾ ਵੇਰਵਾ ਜਨਤਕ ਕਰਨ ਤੋਂ ਇਨਕਾਰੀ ਹੈ। ਪੰਜਾਬ ਸਰਕਾਰ ਨੇ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਮੁੜ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆ ਗਈ ਹੈ। 


ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਇਸ 'ਤੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਪਾਰਦਰਸ਼ਿਤਾ ਲਿਆਉਣ ਦੀ ਗੱਲ ਕਰਨ ਵਾਲੀ 'ਆਪ' ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਵਾਈ ਯਾਤਰਾ ਦੇ ਖਰਚੇ ਨੂੰ "ਸੁਰੱਖਿਆ ਕਾਰਨਾਂ" ਦੇ ਨਾਂ ਤੇ ਦੇਣ ਤੋਂ ਟਾਲਾ ਵੱਟ ਰਹੀ ਹੈ। ਹੈਲੀਕਾਪਟਰ, ਪ੍ਰਾਈਵੇਟ ਜੈੱਟ, ਤੇਲ, ਰਿਪੇਅਰ ਆਦਿ ਦਾ ਖਰਚ ਦੱਸਣ ਨਾਲ ਕਿਵੇਂ ਸੁਰੱਖਿਆ ਖਤਰੇ ਵਿੱਚ ਆ ਜਾਵੇਗੀ? ਇਹ ਪੰਜਾਬ ਨਾਲ ਧੱਕਾ ਹੈ ਤੇ RTI ਐਕਟ ਦੀ ਉਲੰਘਣਾ ਹੈ।


 


 






 


 


ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੀਐਮ ਭਗਵੰਤ ਮਾਨ ਦੇ ਹਵਾਈ ਸਫ਼ਰ ਸਬੰਧੀ ਜਾਣਕਾਰੀ ਸੂਚਨਾ ਅਧਿਕਾਰ ਕਾਨੂੰਨ (ਆਰਟੀਆਈ) ਦੇ ਦਾਇਰੇ ਤੋਂ ਬਾਹਰ ਕਰਦਿਆਂ ਮੁੱਖ ਮੰਤਰੀ ਦੇ ਹਵਾਈ ਸਫ਼ਰ ਦੇ ਖਰਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪਾਈ ਆਰਟੀਆਈ ਰੱਦ ਦਿੱਤੀ ਹੈ। ਅਹਿਮ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਮੁੱਖ ਮੰਤਰੀ ਦੇ ਹਵਾਈ ਸਫਰ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਨਹੀਂ ਕੀਤਾ ਗਿਆ।


ਦਰਅਸਲ ਪੰਜਾਬ ਦੇ ਆਰਟੀਆਈ ਕਾਰਕੁਨ ਮਾਨਿਕ ਗੋਇਲ ਨੇ ਆਰਟੀਆਈ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ 11 ਮਾਰਚ 2022 ਤੋਂ 20 ਜੂਨ 2022 ਤੱਕ ਦੇ ਹਵਾਈ ਸਫ਼ਰ ਦੇ ਖਰਚ, ਪਾਇਲਟ ਦੀ ਤਨਖਾਹ, ਰਹਿਣ-ਸਹਿਣ, ਹੈਲੀਕਾਪਟਰ ਦੀ ਰਿਪੇਅਰ ਤੇ ਤੇਲ ਖ਼ਰਚ ਦੀ ਜਾਣਕਾਰੀ ਮੰਗੀ ਸੀ। ਸੂਬਾ ਸਰਕਾਰ ਨੇ ਮੁੱਖ ਮੰਤਰੀ ਦੀ ਸੁਰੱਖਿਆ ਦੀ ਦਲੀਲ ਦਿੰਦਿਆਂ ਆਰਟੀਆਈ ਐਕਟ ਅਧੀਨ ਇਹ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। 


ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰਾਂ ਵੱਲੋਂ ਮੁੱਖ ਮੰਤਰੀਆਂ ਦੇ ਹਵਾਈ ਸਫ਼ਰ ਦੀ ਜਾਣਕਾਰੀ ਆਰਟੀਆਈ ਵਿੱਚ ਸਾਂਝੀ ਕੀਤੀ ਜਾਂਦੀ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਨਣ ਮਗਰੋਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਸਫ਼ਰ ਕੀਤਾ ਹੈ। ਇੰਨਾ ਹੀ ਨਹੀਂ ਆਪ ਦੇ ਦਿੱਲੀ ਦੇ ਕਈ ਆਗੂ ਵੀ ਇਸ ਹੈਲੀਕਾਪਟਰ ਵਿੱਚ ਸਫ਼ਰ ਕਰ ਚੁੱਕੇ ਹਨ। ਜਦੋਂ ਕਿ ਨੇਮਾਂ ਅਨੁਸਾਰ ਮੁੱਖ ਮੰਤਰੀ ਦੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਸਿਰਫ ਮੁੱਖ ਮੰਤਰੀ ਹੀ ਸਕਦੇ ਹਨ।