ਫ਼ਿਰੋਜ਼ਪੁਰ ਵਿੱਚ ਬੀਕਾਨੇਰ ਨਹਿਰ ਵਿੱਚ ਪਾੜ ਪੈਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਪਿਛਲੇ ਸਾਲ ਸੂਬੇ ਭਰ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਕੋਈ ਸਬਕ ਨਾ ਸਿੱਖਣ ਲਈ ਝਾੜ ਪਾਈ।


 


ਬਾਜਵਾ ਨੇ ਕਿਹਾ ਕਿ ਫ਼ਿਰੋਜ਼ਪੁਰ ਦੀ ਬੀਕਾਨੇਰ ਨਹਿਰ ਵਿਚ 35 ਫੁੱਟ ਲੰਬਾ ਪਾੜ ਪੈਣ ਕਾਰਨ ਸੈਂਕੜੇ ਏਕੜ ਖੇਤੀਬਾੜੀ ਜ਼ਮੀਨ ਪਾਣੀ ਵਿਚ ਡੁੱਬ ਗਈ ਹੈ। ਇਸੇ ਤਰਾਂ ਮੁਕਤਸਰ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਝਾੜੀਆਂ ਨਾਲ ਡਰੇਨਾਂ ਭਰ ਗਈਆਂ ਹਨ। ਮਾਨਸੂਨ ਦਾ ਮੌਸਮ ਨੇੜੇ ਹੈ ਅਤੇ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਕੰਢਿਆਂ ਤੋਂ ਗਾਰ ਕੱਢਣ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋਇਆ ਹੈ।


 


ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਅਵੇਸਲੇਪਨ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਸੂਬੇ 'ਚ ਤਬਾਹੀ ਮਚਾਉਣ ਵਾਲੇ ਹੜ੍ਹਾਂ ਨੂੰ ਰੋਕਣ ਲਈ ਅਜੇ ਤੱਕ ਸਾਵਧਾਨੀ ਦੇ ਉਪਾਅ ਸ਼ੁਰੂ ਨਹੀਂ ਕੀਤੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਵਿੱਚ ਪਾਰਟੀ ਲਈ ਪ੍ਰਚਾਰ ਕਰਨ ਵਿੱਚ ਰੁੱਝੇ ਰਹੇ ਅਤੇ ਹੁਣ ਉਹ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਕਾਰਨ ਜਲੰਧਰ ਵਿੱਚ ਰਿਹਾਇਸ਼ ਕਿਰਾਏ 'ਤੇ ਲੈਣ ਦੀ ਯੋਜਨਾ ਬਣਾ ਰਹੇ ਹਨ।


 


ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ 2023 ਵਿੱਚ ਆਏ ਹੜ੍ਹਾਂ ਨਾਲ ਪੰਜਾਬ ਵਿੱਚ ਹਜ਼ਾਰਾਂ ਏਕੜ ਫ਼ਸਲਾਂ ਅਤੇ ਸੈਂਕੜੇ ਮਕਾਨ ਨੁਕਸਾਨੇ ਗਏ ਸਨ। ਹੜ੍ਹਾਂ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ, ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪ੍ਰਚਾਰ ਵਿੱਚ ਰੁੱਝੇ ਰਹੇ। ਇੱਕ ਸਾਲ ਬਾਅਦ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ਹੈ।


 


"ਅਜੇ ਵੀ ਕੁਝ ਸਮਾਂ ਬਾਕੀ ਹੈ। ਮੈਂ ਜ਼ੋਰਦਾਰ ਸਿਫ਼ਾਰਸ਼ ਕਰਦਾ ਹਾਂ ਕਿ ਪੰਜਾਬ ਸਰਕਾਰ ਕੁਦਰਤੀ ਆਫ਼ਤ ਨੂੰ ਰੋਕਣ ਲਈ ਨਹਿਰਾਂ ਅਤੇ ਨਾਲਿਆਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰੇ। ਪੰਜਾਬ ਦੇ ਮੁੱਖ ਮੰਤਰੀ ਅਕਸਰ ਸ਼ਾਮ 5 ਵਜੇ ਆਪਣੇ ਆਪ ਨੂੰ ਆਪਣੇ ਕਮਰੇ ਵਿੱਚ ਬੰਦ ਕਰ ਲੈਂਦੇ ਹਨ ਅਤੇ ਕਿਸੇ ਨੂੰ ਨਹੀਂ ਮਿਲਦੇ। ਬਾਜਵਾ ਨੇ ਕਿਹਾ ਕਿ ਬਹੁਤ ਦੇਰ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।