Niti Aayog Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਮਾਨ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਪੰਜਾਬ ਸਣੇ ਪੰਜ ਰਾਜਾਂ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ ਸਰਕਾਰ ਦਾ ਸ਼ਾਮਲ ਨਾ ਹੋਣਾ ਮੰਦਭਾਗਾ
ਇਸ ਨੂੰ ਲੈ ਕੇ ਹੁਣ ਭਾਰਤੀ ਜਨਤਾ ਪਾਰਟੀ ਦੇ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਨੀਤੀ ਆਯੋਗ ਦੀ ਬੈਠਕ ਵਿੱਚ ਹਿੱਸਾ ਨਹੀਂ ਲੈ ਰਹੇ ਜੋ ਕਿ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਪੰਜਾਬ ਦਾ ਪੰਜਾਬ ਬਾਰੇ ਨਜ਼ਰੀਆ ਹੀ ਗ਼ਲਤ ਹੈ। ਉਹ ਭਾਰਤੀ ਜਨਤਾ ਪਾਰਟੀ ਤੇ ਭਾਰਤ ਸਰਕਾਰ ਨੂੰ ਬਦਨਾਮ ਕਰਨ ਦੀਆਂ ਹੀ ਗੱਲਾਂ ਕਰਦੇ ਹਨ ਪਰ ਉਹ ਇਹ ਨਹੀਂ ਜਾਣਦੇ ਕਿ ਇਸ ਨਾਲ ਪੰਜਾਬ ਦੀ ਤਰੱਕੀ ਵੀ ਰੁਕ ਰਹੀ ਹੈ। ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੋਈ ਵੀ ਸੰਸਦ ਮੈਂਬਰ ਵਿੱਤ ਮੰਤਰੀ ਨੂੰ ਨਹੀਂ ਮਿਲਿਆ ਕਿ ਪੰਜਾਬ ਲਈ ਕੁਝ ਚਾਹੀਦਾ ਹੈ।
ਹੋਰ ਕਿਹੜੇ ਸੂਬੇ ਨਹੀਂ ਹੋ ਰਹੇ ਸ਼ਾਮਲ
ਦੱਸ ਦਈਏ ਕਿ ਕਾਂਗਰਸ ਦੇ ਸ਼ਾਸਨ ਵਾਲੇ ਤਿੰਨ ਰਾਜ ਕਰਨਾਟਕ, ਤੇਲੰਗਾਨਾ ਤੇ ਹਿਮਾਚਲ ਪ੍ਰਦੇਸ਼ ਪਹਿਲਾਂ ਹੀ ਨੀਤੀ ਆਯੋਗ ਦੀ ਬੈਠਕ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਡੀਐਮਕੇ ਸ਼ਾਸਿਤ ਤਾਮਿਲਨਾਡੂ ਵੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਾਲਾ ਪੰਜਾਬ ਵੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏਗਾ।
ਆਮ ਆਦਮੀ ਪਾਰਟੀ ਨੇ ਕੀ ਦਿੱਤਾ ਤਰਕ
ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਇੰਡੀਆ ਗੱਠਜੋੜ ਦੀ ਭਾਈਵਾਲ ਹੈ। ਇਸ ਲਈ ਇਹ ਗਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਫੈਸਲੇ ਦੇ ਨਾਲ ਖੜ੍ਹੀ ਹੈ। 'ਆਪ' ਸੰਗਠਨ ਦੇ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਕਿਹਾ ਹੈ ਕਿ ਨੀਤੀ ਆਯੋਗ ਦੀ ਬੈਠਕ ਦਾ ਕੋਈ ਲਾਭ ਨਹੀਂ। ਉੱਥੇ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਪਰ ਹੁੰਦਾ ਕੁਝ ਵੀ ਨਹੀਂ।