Punjab News: ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਘੋਲੀਆ ਖੁਰਦ ਵਿਚ ਡਾਕਘਰ ਮੁਲਾਜ਼ਮ 50 ਸਾਲਾ ਜਸਵਿੰਦਰ ਸਿੰਘ ਨੂੰ ਅੱਜ ਅਣਪਛਾਤੇ ਨੇ 4 ਗੋਲੀਆਂ ਮਾਰ ਦਿੱਤੀਆਂ। ਇਸ ਦੌਰਾਨ ਪੁਲੀਸ ਨੇ ਹਮਲਾਵਰ ਦਾ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਮਲਵਾਰ ਵੀ ਇਸੇ ਡਾਕਘਰ ਦਾ ਮੁਲਾਜ਼ਮ ਹੈ। ਗੰਭੀਰ ਜ਼ਖ਼ਮੀ ਨੂੰ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਮੌਕੇ ’ਤੇ ਡੀਐੱਸਪੀ ਮਨਜੀਤ ਸਿੰਘ ਢੇਸੀ ਤੇ ਹੋਰ ਪੁਲੀਸ ਅਧਿਕਾਰੀ ਪੁੱਜ ਚੁੱਕੇ ਹਨ।
ਜ਼ਿਕਰ ਕਰ ਦਈਏ ਕਿ ਜਸਵਿੰਦਰ ਸਿੰਘ ਨੂੰ ਪਹਿਲਾਂ ਮੋਗਾ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ, ਜਿਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਕੀ ਹੈ ਪੂਰਾ ਮਾਮਲਾ
ਜਾਣਕਾਰੀ ਮੁਤਾਬਕ, ਅੱਜ ਦੁਪਹਿਰ 12:30 ਵਜੇ ਦੇ ਕਰੀਬ ਰਾਜਪਾਲ ਸਿੰਘ ਨਾਂ ਦਾ ਵਿਅਕਤੀ ਆਪਣਾ ਭੇਸ ਬਦਲ ਕੇ ਡਾਕਖਾਨੇ 'ਚ ਆਇਆ ਤੇ ਪੁੱਛਣ 'ਤੇ ਜਸਵਿੰਦਰ ਸਿੰਘ 'ਤੇ ਗੋਲੀ ਚਲਾ ਦਿੱਤੀ ਜਿਸ ਵਿੱਚ ਜਸਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਹਾਲਾਂਕਿ ਗੋਲੀਬਾਰੀ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਭੱਜਦੇ ਹੋਏ ਰਾਜਪਾਲ ਸਿੰਘ ਨੂੰ ਪਿੰਡ ਵਾਸੀਆਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।