Punjab News: ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ 'ਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਚਿੰਤਾ ਪ੍ਰਗਟਾਈ ਹੈ। ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਮਾਮਲੇ ਦੀ ਢੁੱਕਵੀਂ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਕਾਨੂੰਨ ਹੱਥ ਵਿੱਚ ਨਾ ਲੈਣ ਲਈ ਵੀ ਕਿਹਾ ਹੈ।
ਦੱਸ ਦਈਏ ਕਿ ਗੁਰਦੁਆਰਾ ਸਾਹਿਬ 'ਚ ਸੋਮਵਾਰ ਦੁਪਹਿਰ ਨੂੰ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਇੱਥੇ ਇੱਕ ਨੌਜਵਾਨ ਗੁਰਦੁਆਰੇ ਦੇ ਅੰਦਰ ਦਾਖਲ ਹੋਇਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਹ ਘਟਨਾ ਸੋਮਵਾਰ ਨੂੰ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਵਿਖੇ ਵਾਪਰੀ। ਘਟਨਾ ਤੋਂ ਬਾਅਦ ਗੁਰਦੁਆਰੇ 'ਚ ਮੌਜੂਦ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜ ਲਿਆ ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ 'ਆਪ' ਦੀ ਸਰਕਾਰ ਆਈ ਹੈ, ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਹਰ ਫਰੰਟ 'ਤੇ ਫੇਲ੍ਹ ਹੋ ਗਏ ਹਨ। 'ਆਪ' ਸਰਕਾਰ ਵੇਲੇ ਵਿੱਚ ਪੰਜਾਬ ਦੇ ਹਾਲਾਤ ਬਹੁਤ ਨਾਜ਼ੁਕ ਹੋ ਗਏ ਹਨ। ਪੰਜਾਬ ਜਲਦ ਹੀ ਫੇਲ੍ਹ ਹੋਈ 'ਆਪ' ਸਰਕਾਰ ਨੂੰ ਕਰਾਰਾ ਜਵਾਬ ਦੇਵੇਗਾ।
ਚੇਅਰਮੈਨ ਲਾਲਪੁਰਾ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਬਾਰੇ ਪਹਿਲਾਂ ਸੋਚਿਆ ਨਹੀਂ ਗਿਆ। ਜੇਕਰ ਸਰਕਾਰਾਂ ਪਹਿਲਾਂ ਹੀ ਗੰਭੀਰ ਹੁੰਦੀਆਂ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਇਨ੍ਹਾਂ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਵੀ ਬੇਅਦਬੀ ਦੀ ਘਟਨਾ ਵਾਪਰੀ ਸੀ। ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਦੋਸ਼ੀ ਨੂੰ ਬਰੀ ਕਰ ਦਿੱਤਾ ਗਿਆ ਹੈ। ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।