Kotkapura Police firing case: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਸਾਲ 2015 ਦੌਰਾਨ ਵਾਪਰੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਤਫ਼ਤੀਸ਼ ਸਬੰਧੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਤੋਂ ਪੁੱਛ-ਪੜਤਾਲ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਭੜਕ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਕਿਹਾ ਕਿ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚੱਲਦਿਆਂ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ।
‘ਸਿਟ’ ਮੁਖੀ ਐਲਕੇ ਯਾਦਵ ਦੀ ਅਗਵਾਈ ਹੇਠ ਤਿੰਨ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਚੰਡੀਗੜ੍ਹ ਦੇ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ਵਿੱਚ ਦੋ ਘੰਟੇ ਤੋਂ ਵੱਧ ਸਮਾਂ ਪੁੱਛ-ਪੜਤਾਲ ਕੀਤੀ। ਅੱਜ ਸਿੱਟ ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰ ਰਹੀ ਹੈ। ਉਧਰ, ਬਰਗਾੜੀ ਵਿੱਚ ਲੱਗੇ ਧਰਨੇ ਕਾਰਨ ‘ਆਪ’ ਸਰਕਾਰ ਨੇ ਪੁਲਿਸ ਨੂੰ ਜਾਂਚ ਦਾ ਅਮਲ ਛੇਤੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ। ਇਸ ਲਈ ਪੁਲਿਸ ਐਕਸ਼ਨ ਮੋਡ ਵਿੱਚ ਹੈ।
ਇਸ ਬਾਰੇ ਅਕਾਲੀ ਦਲ ਨੇ ਕਿਹਾ ਹੈ ਕਿ ‘ਆਪ’ ਸਰਕਾਰ ਵੱਲੋਂ ਇਨ੍ਹਾਂ ਕੇਸਾਂ ਵਿੱਚ ਹੁਣ ਤੱਕ ਕੋਈ ਕਾਰਵਾਈ ਨਾ ਕਰਨਾ, ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਤੇ ਲੋਕਾਂ ਦਾ ਧਿਆਨ ਵੰਡਾਉਣ ਲਈ ਸਿਆਸੀ ਬਦਲਾਖੋਰੀ ’ਤੇ ਉੱਤਰ ਆਈ ਹੈ। ਸੂਬਾ ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਵਿੱਚ ਪੁਲਿਸ ਫਾਇਰਿੰਗ ਦੇ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ ਤੇ ਇਸ ਨੂੰ ਦੋਸ਼ੀਆਂ ਨੂੰ ਫੜਨ ਤੇ ਸਜ਼ਾਵਾਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ।
ਉਧਰ, ਸਿੱਟ’ ਵੱਲੋਂ ਕੀਤੀ ਪੁੱਛਗਿੱਛ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਹਤ ਭਾਵੇਂ ਨਾਸਾਜ਼ ਹੈ, ਪਰ ਉਹ ਪੁਲਿਸ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਹਰ ਸਮੇਂ ਤਿਆਰ ਹਨ ਕਿਉਂਕਿ ਮਾਮਲਾ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ।
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਪਿਛਲੇ ਕਈ ਦਿਨਾਂ ਤੋਂ ਜ਼ਿਆਦਾ ਨਾਸਾਜ਼ ਹੈ। ਉਹ ਚੰਡੀਗੜ੍ਹ ਦੇ ਸੈਕਟਰ 9 ਵਿੱਚ ਆਪਣੀ ਨਿੱਜੀ ਰਿਹਾਇਸ਼ ’ਤੇ ਡਾਕਟਰਾਂ ਦੀ ਦੇਖ ਰੇਖ ਹੇਠ ਰਹਿ ਰਹੇ ਹਨ। ਸੂਤਰਾਂ ਮੁਤਾਬਕ ਕੁਝ ਦਿਨ ਤਾਂ ਬਾਦਲ ਬਿਨਾਂ ਸਹਾਰੇ ਤੋਂ ਉਠਣ ਤੇ ਲੇਟਣ ਤੋਂ ਵੀ ਅਸਮਰੱਥ ਸਨ। ਰੀੜ੍ਹ ਦੀ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਰਾਜ ਬਹਾਦਰ ਤੇ ਹੋਰ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।