ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ ਅਕਾਲੀ ਦਲ, ਮਜੀਠੀਆ ਨੇ ਦਿੱਤੀ ਚੇਤਾਵਨੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਤੁਰੰਤ ਸੱਦ ਕੇ ਸੂਬੇ ਦੇ APMC ਐਕਟ ਨੂੰ ਖਾਰਜ ਕਰਨ ਅਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਘੋਸ਼ਤ ਕਰਨ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਤੁਰੰਤ ਸੱਦ ਕੇ ਸੂਬੇ ਦੇ APMC ਐਕਟ ਨੂੰ ਖਾਰਜ ਕਰਨ ਅਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਘੋਸ਼ਤ ਕਰਨ।
ਮਜੀਠੀਆ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਨੇ ਸਾਡੀ ਮੰਗ ਨਾ ਸੁਣੀ, ਜੋ ਕਿ ਅਸਲ ਵਿਚ ਕਿਸਾਨਾਂ ਦੀ ਮੰਗ ਹੈ, ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਉਹਨਾਂ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਮੰਗ ਕਰੇਗਾ ਕਿ FCI ਤੇ ਅਡਾਨੀ ਨੂੰ APMC ਐਕਟ ਅਧੀਨ ਲਿਆਂਦਾ ਜਾਵੇ।
ਅਕਾਲੀ ਆਗੂ ਨੇ ਕਿਹਾ ਕਿ, "ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨਾਲ ਦੋਸਤਾਨਾ ਮੈਚ ਖੇਡ ਕੇ ਕਿਸਾਨਾਂ ਨੂੰ ਮੂਰਖ ਬਣਾਉਣ ਤੇ ਗੁੰਮਰਾਹ ਕੀਤਾ ਹੈ।" ਮਜੀਠੀਆ ਨੇ ਇਸ ਦੇ ਲਈ ਕੈਪਟਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਅਮਰਿੰਦਰ ਸਿੰਘ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕਣ ਲਈ ਕੁਝ ਵੀ ਕਰਨ ਤੋਂ ਇਨਕਾਰ ਕਰ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਇਹ ਵੀ ਐਲਾਨ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਵਿਚਲੇ ਮੈਂਬਰ ਸਿੱਧੇ ਤੌਰ 'ਤੇ ਰਲੇ ਹੋਏ ਹਨ ਤੇ ਝੂਠੀ ਕਹਾਣੀ ਘੜ ਕੇ ਕਿਸਾਨਾਂ ਦੇ ਸੰਘਰਸ਼ ਨੂੰ ਫੇਲ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਵਿਧਾਨ ਸਭਾ ਵਿੱਚ ਕੇਂਦਰ ਦੇ ਬਿੱਲਾਂ ਖਿਲਾਫ ਸਰਬਸੰਮਤੀ ਨਾਲ ਪਾਸ ਕੀਤਾ ਮਤਾ ਮੁੱਖ ਸਕੱਤਰ ਦੇ ਦਫ਼ਤਰ ਵਿੱਚ ਧੂੜ ਫਕ ਰਿਹਾ ਹੈ।
ਉਹਨਾਂ ਕਿਹਾ ਕਿ ਕੀ ਤੁਸੀਂ ਸਮਝਦੇ ਹੋ ਕਿ ਇਕ ਅਫਸਰ ਵਿਚ ਇੰਨੀ ਜੁਰੱਰਤ ਹੋ ਸਕਦੀ ਹੈ ਕਿ ਉਹ ਮੁੱਖ ਮੰਤਰੀ ਦੀਆਂ ਹਦਾਇਤਾਂ ਤੋਂ ਬਗੈਰ ਸਦਨ ਦੇ ਹੁਕਮ ਦੀ ਉਲੰਘਣਾ ਕਰ ਸਕੇ ? ਉਹਨਾਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਤੌਰ 'ਤੇ ਸੱਦੇ ਇਜਲਾਸ ਵਿਚ ਪਾਸ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਹ ਸੰਸਦ ਮੈਂਬਰਾਂ ਕੋਲ ਭੇਜਿਆ ਜਾਣਾ ਸੀ ਤਾਂ ਕਿ ਉਹ ਕਿਸਾਨਾਂ ਦੀ ਆਵਾਜ਼ ਸੁਣਨ ਅਤੇ ਬਿੱਲ ਪਾਸ ਨਾ ਕਰਨ। ਪਰ ਇਹ ਬਿੱਲ ਹੁਣ ਐਕਟ ਬਣ ਗਏ ਹਨ ਤੇ ਮਤਾ ਹਾਲੇ ਵੀ ਚੰਡੀਗੜ ਵਿੱਚ ਪਿਆ ਹੈ।
ਟ੍ਰੈਂਡਿੰਗ ਟੌਪਿਕ














