Punjab News : ਸੂਬੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਅੰਕੜੇ ਨੂੰ ਪਛਾੜ ਦਿੱਤਾ ਹੈ। ਇਸ ਤੋਂ ਇਲਾਵਾ ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਪਿਛਲੇ ਸਾਲ ਪੂਰੇ ਹਾੜੀ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਕੁੱਲ 96.45 ਲੱਖ ਮੀਟ੍ਰਿਕ ਟਨ ਦੀ ਖਰੀਦ ਨੂੰ ਮਾਤ ਦੇ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਮੰਡੀਆਂ ਵਿਚ 4.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪਿਛਲੇ ਸੀਜ਼ਨ ਨਾਲੋਂ ਕਣਕ ਦੀ ਕੁੱਲ ਖਰੀਦ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਵੱਧ ਹੋਵੇਗੀ।  ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਨ ਵਿਚ ਮੋਹਰੀ ਹੈ ਕਿਉਂਕਿ ਇਸ ਸਾਲ ਪੰਜਾਬ ਕੇਂਦਰੀ ਅੰਨ ਭੰਡਾਰ ਵਿਚ 50 ਫੀਸਦੀ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਲਈ ਤਿਆਰ ਹੈ।

Continues below advertisement



ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਸਾਰੇ ਰਿਕਾਰਡ ਤੋੜਦੇ ਹੋਏ ਅੱਜ ਤੱਕ 5,72,822 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ 18366 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਜਾਰੀ ਕੀਤੀਆਂ ਜਾਣ।




ਮੰਤਰੀ ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ ਵਿਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਸੂਬੇ ਵਿਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ ਵੀ.ਟੀ.ਐਸ. ਸਿਸਟਮ ਲਗਾਏ ਵਾਹਨਾਂ ਦੀ ਗਿਣਤੀ 30000 ਤੋਂ ਵੱਧ ਹੋ ਗਈ ਹੈ ਅਤੇ ਹੁਣ ਤੱਕ ਵੀ.ਟੀ.ਐਸ. ਰਾਹੀਂ 202250 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਚੁੱਕੇ ਹਨ।