Amritpal Singh Arrested: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮਿਸ਼ਨ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਇਹ ਰਿਪੋਰਟ ਸੌਂਪ ਵੀ ਦਿੱਤੀ ਹੈ। ਉਧਰ, ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੀ ਇਸ ਸਬੰਧੀ ਆਪਣੀ ਸ਼ੁਰੂਆਤੀ ਜਾਂਚ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ।


ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਲੈ ਕੇ ਗ੍ਰਿਫਤਾਰੀ ਤੱਕ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ। ਕੇਂਦਰ ਨੇ ਪੁਲਿਸ ਐਕਸ਼ਨ, ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲਿਆਂ ਦੇ ਵੇਰਵੇ ਤੇ ਅੰਮ੍ਰਿਤਪਾਲ ਦੀ ਲੋਕੇਸ਼ਨ ਮੂਵਮੈਂਟ ਰਿਪੋਰਟ ਵੀ ਮੰਗੀ ਸੀ। ਪੰਜਾਬ ਸਰਕਾਰ ਨੇ ਇਹ ਸਾਰੀ ਰਿਪੋਰਟ ਕੇਂਦਰ ਨੂੰ ਸੌਂਪ ਦਿੱਤੀ ਹੈ। 


ਸੂਤਰਾਂ ਮੁਤਾਬਕ ਕੌਮੀ ਜਾਂਚ ਏਜੰਸੀ ਨੇ ਵੀ ਇਸ ਮਾਮਲੇ 'ਚ ਆਪਣੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਸੂਤਰਾਂ ਮੁਤਾਬਕ ਐਨਆਈਏ ਨੇ ਆਪਣੀ ਸ਼ੁਰੂਆਤੀ ਰਿਪੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਲਿੰਕ ਤੇ ਵਿਦੇਸ਼ੀ ਫੰਡਿੰਗ ਦਾ ਜ਼ਿਕਰ ਕੀਤਾ ਹੈ। 



ਸ਼੍ਰੋਮਣੀ ਕਮੇਟੀ ਦੇਵੇਗੀ ਕਾਨੂੰਨੀ ਸਹਾਇਤਾ
ਉਧਰ, ਸ਼੍ਰੋਮਣੀ ਕਮੇਟੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕਾਨੂੰਨੀ ਸਹਾਇਤਾ ਦੇਵੇਗੀ। ਇਸ ਲਈ ਸ਼੍ਰੋਮਣੀ ਕਮੇਟੀ ਨੇ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਕਾਨੂੰਨੀ ਮਾਹਿਰਾਂ ਦੀ ਟੀਮ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। 


ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਲੋੜੀਂਦੀ ਇਜਾਜ਼ਤ ਲੈਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੋਰ ਸਿੱਖਾਂ ਦੇ ਰਿਸ਼ਤੇਦਾਰਾਂ ਲਈ ਵੀ ਮੁਲਾਕਾਤ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜੇਲ੍ਹ ਦੇ ਨਿਯਮਾਂ ਮੁਤਾਬਕ ਪਰਿਵਾਰ ਦੇ ਮੈਂਬਰ ਉਨ੍ਹਾਂ ਨੂੰ ਵੀਰਵਾਰ ਨੂੰ ਹੀ ਮਿਲ ਸਕਦੇ ਹਨ। ਇਸ ਲਈ ਪਰਿਵਾਰਾਂ ਦਾ ਪਹਿਲਾ ਜਥਾ ਤੈਅ ਦਿਨ ਹਵਾਈ ਜਹਾਜ਼ ਰਾਹੀਂ ਡਿਬਰੂਗੜ੍ਹ ਜਾਵੇਗਾ।