ਕੇਂਦਰੀ ਪੰਚਾਇਤੀ ਰਾਜ ਵਿਭਾਗ ਵਲੋਂ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਅਧੀਨ ਪਹਿਲੀ ਕਿਸ਼ਤ ਦੇ 35.28 ਕਰੋੜ ਰੁਪਏ ਦੀ ਰਾਸ਼ੀ ਜਾਰੀ
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤੀ ਬੇਨਤੀ ਨੂੰ ਪ੍ਰਵਾਨ 10,654 ਨਵੇਂ ਘਰ ਬਣਾਉਣ ਅਤੇ 7,293 ਉਸਾਰੀ ਅਧੀਨ ਘਰਾਂ ਨੂੰ ਮੁਕੰਮਲ ਕਰਨ ਲਈ ਪਹਿਲੀ ਕਿਸ਼ਤ ਦੇ ਕੁੱਲ 35.28 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਚੰਡੀਗੜ੍ਹ : ਕੱਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ੀਰਕਪੁਰ ਦੇ ਕ੍ਰਿਸਟਲ ਰਿਸੋਰਟ ਵਿਖੇ “ਸਵੈ ਨਿਰਭਰ ਪੰਚਾਇਤਾਂ” ਵਿਸ਼ੇ ‘ਤੇ ਦੋ ਰੋਜ਼ਾ ਕੌਮੀ ਵਰਕਸ਼ਾਪ ਦੇ ਉਦਘਾਟਨ ਸਮਾਗਮ ਵਿਚ ਸ਼ਾਮਲ ਹੋਣ ਲਈ ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਿਲ ਮੁਰੇਸ਼ਵਰ ਪਾਟਿਲ ਪੰਜਾਬ ਪਹੁੰਚੇ ਸਨ। ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਸੀ ਕਿ ਪੇਂਡੂ ਵਿਕਾਸ ਸਬੰਧੀ ਪੰਜਾਬ ਦੀਆਂ ਕਈ ਸਕੀਮਾਂ ਦੇ ਪੈਸੇ ਕੇਂਦਰੀ ਪੰਚਾਇਤੀ ਰਾਜ ਵਿਭਾਗ ਵਲੋਂ ਰੋਕੇ ਹੋਏ ਹਨ।ਉਨ੍ਹਾਂ ਦੱਸਿਆ ਸੀ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਚਲਾਈ ਜਾ ਰਹੀ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਵਿੱਚ ਪਿਛਲੇ ਕਾਫੀ ਸਮੇਂ ਤੋਂ ਲੰਬਿਤ ਪਏ ਫੰਡ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਕੀਤੇ ਗਏ।
ਕੇਂਦਰੀ ਮੰਤਰੀ ਕਪਿਲ ਮੁਰੇਸ਼ਵਰ ਪਾਟਿਲ ਸੂਬੇ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤੀ ਬੇਨਤੀ ਨੂੰ ਪ੍ਰਵਾਨ 10,654 ਨਵੇਂ ਘਰ ਬਣਾਉਣ ਅਤੇ 7,293 ਉਸਾਰੀ ਅਧੀਨ ਘਰਾਂ ਨੂੰ ਮੁਕੰਮਲ ਕਰਨ ਲਈ ਪਹਿਲੀ ਕਿਸ਼ਤ ਦੇ ਕੁੱਲ 35.28 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸਸ ਵਿੱਚ ਰਾਜ ਸਰਕਾਰ ਵੱਲੋਂ 25.52 ਕਰੋੜ ਰੁਪਏ ਦਾ ਸੂਬੇ ਦਾ ਹਿੱਸਾ ਵੀ ਪਾਇਆ ਜਾਣਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਵਲੋਂ ਕੀਤੀ ਇਸ ਪਹਿਲਕਦਮੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਸੂਬੇ ਵਿਚ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਅਧੀਨ ਗਰੀਬ ਲੋਕਾਂ ਦੇ ਕੁੱਲ 17,947 ਘਰਾਂ ਨੂੰ ਮੁਕੰਮਲ ਕਰਨ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਜਲਦ ਹੀ ਕੇਦਰ ਸਰਕਾਰ ਵੱਲੋਂ ਮਗਨਰੇਗਾ ਅਤੇ ਹੋਰ ਸਕੀਮਾਂ ਦੇ ਲੰਬਿਤ ਪਏ ਫੰਡ ਜਾਰੀ ਕੀਤੇ ਜਾਣਗੇ ਤਾਂ ਜੋ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਹੋਰ ਤੇਜੀ ਲਿਆਈ ਜਾ ਸਕੇ।
ਇਸ ਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਆਸ ਜਤਾਈ ਕਿ ਕੇਂਦਰ ਸਰਕਾਰ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਬਣਦੇ ਫੰਡ ਮੁਹੱਈਆ ਕਰਵਾਏਗੀ ਤਾਂ ਜੋ ਸੂਬੇ ਦੇ ਪਿੰਡਾਂ ਵਿਚ ਸਿਹਤ, ਸਿੱਖਿਆ, ਪੀਣ ਵਾਲਾ ਪਾਣੀ ਸਮੇਤ ਮੁਢਲੇ ਢਾਂਚੇ ਨੂੰ ਵਧੀਆ ਬਣਾਕੇ ਲੋਕਾਂ ਦੇ ਜੀਵਨ ਪੱਧਰ ਨੂੰ ਸਵਾਰਿਆ ਜਾ ਸਕੇ।