ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ; 15 ਸਤੰਬਰ ਤਕ ਅਦਾ ਕੀਤੇ ਜਾਣਗੇ ਕਿਸਾਨਾਂ ਦੇ ਬਕਾਏ
ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਪਹਿਲਾਂ ਹੀ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਦਾ ਇਹ ਟੀਕਾਕਰਨ ਮੁਫਤ ਕੀਤਾ ਜਾ ਰਿਹਾ ਹੈ ।
ਚੰਡੀਗੜ੍ਹ : ਕਿਸਾਨਾਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਡੇਅਰੀ ਕਿਸਾਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਹਨ।
ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਮਾਨ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ 15 ਸਤੰਬਰ ਤੱਕ ਉਨ੍ਹਾਂ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।
ਇਕ ਹੋਰ ਮੁੱਦੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਪਸ਼ੂਆਂ ਦੇ ਚਮੜੀ ਰੋਗ (ਲੰਪੀ ਸਕਿਨ) ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਰੋਜ਼ਾਨਾ ਅਧਾਰ 'ਤੇ ਬਿਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਕਾਰਜਾਂ ਉਤੇ ਨਿਗਰਾਨੀ ਰੱਖਣ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਪਹਿਲਾਂ ਹੀ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਦਾ ਇਹ ਟੀਕਾਕਰਨ ਮੁਫਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫਾਰਸ਼ ਕੀਤੀ ਸਭ ਤੋਂ ਵਧੀਆ ਦਵਾਈ ਇਸ ਮਕਸਦ ਲਈ ਲਿਆਂਦੀ ਗਈ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਦੀ ਰੋਕਥਾਮ ਅਤੇ ਨਜਿੱਠਣ 'ਤੇ ਪੂਰਾ ਧਿਆਨ ਦੇ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਕਦਮ ਚੁੱਕੇਗੀ ਕਿ ਪਸ਼ੂ ਇਸ ਬਿਮਾਰੀ ਦਾ ਸ਼ਿਕਾਰ ਨਾ ਹੋਣ। ਭਗਵੰਤ ਮਾਨ ਨੇ ਇਸ ਮੰਤਵ ਲਈ ਪਸ਼ੂ ਮਾਲਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧ ਵਿਚ ਵਿਆਪਕ ਸਰਵੇਖਣ ਕੀਤਾ ਜਾ ਰਿਹਾ ਹੈ ਜੋ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ।