ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਆਲਮੀ ਪੱਧਰ ’ਤੇ ਟੈਂਡਰ ਮੰਗਣ ਦੇ ਨਿਰਦੇਸ਼ ਦਿੱਤੇ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਵਿਭਾਗ ਨੂੰ ਕਿਹਾ ਕਿ ਉਹ 500 ਕਰੋੜ ਰੁਪਏ ਦੀ ਲਾਗਤ ਨਾਲ 40 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਸ਼ਾਨਾਮੱਤੇ ਪ੍ਰਾਜੈਕਟ ਦੇ ਨਿਰਮਾਣ ਲਈ ਵਿਸ਼ਵ ਪ੍ਰਸਿੱਧ ਆਰਕੀਟੈਕਟਾਂ ਦੀਆਂ ਸੇਵਾਵਾਂ ਲੈਣ।
ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਨੇ ਉਪਰੋਕਤ ਪ੍ਰੋਜੈਕਟ ਲਈ ਤਿਆਰੀ ਕੀਤੀ ਰੂਪ-ਰੇਖਾ ਨੂੰ ਪਹਿਲਾਂ ਹੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਇਕ ਹੋਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੈਰ ਸਪਾਟਾ ਵਿਭਾਗ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਨ ਜਾ ਰਹੀ ਭਾਈ ਜੈਤਾ ਜੀ ਯਾਦਗਾਰ ਨੂੰ ਦਸੰਬਰ, 2022 ਤੱਕ ਹਰ ਹੀਲੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਵਿਭਾਗ ਨੂੰ ਸਮਰੱਥ ਅਥਾਰਟੀ ਦੁਆਰਾ ਪ੍ਰਵਾਨਿਤ ਨਿਰਧਾਰਿਤ ਮਾਪਦੰਡਾਂ ਮੁਤਾਬਕ ਇਸ ਵੱਕਾਰੀ ਪ੍ਰੋਜੈਕਟ ਦੀ ਉਸਾਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਹ ਯਾਦਗਾਰ ਵਿਰਾਸਤ-ਏ-ਖਾਲਸਾ ਦੇ ਕੰਪਲੈਕਸ ਵਿੱਚ 13 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਏਕੜ ਵਿਚ ਬਣ ਰਹੀ ਹੈ।
ਜ਼ਿਕਰਯੋਗ ਹੈ ਕਿ ਬਹਾਦਰ ਸਿੱਖ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਵਾਨ ਸਿੱਖ ਸਨ, ਜੋ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਚਾਂਦਨੀ ਚੌਕ, ਦਿੱਲੀ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਲੈ ਕੇ ਆਏ ਸਨ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਰਾਸਤ-ਏ-ਖਾਲਸਾ ਦੀ ਹਦੂਦ ਅੰਦਰ 10 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਨੇਚਰ ਪਾਰਕ ਨੂੰ ਇਸ ਸਾਲ ਦਸੰਬਰ ਤੱਕ ਮੁਕੰਮਲ ਕਰਨ ਲਈ ਆਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰਕੇ ਕੁਦਰਤ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਹੋਵੇਗਾ।
ਮੁੱਖ ਮੰਤਰੀ ਨੇ ਅੰਮ੍ਰਿਤਸਰ ਕਲਚਰਲ ਐਂਡ ਟੂਰਿਜ਼ਮ ਡਿਵੈਲਪਮੈਂਟ ਅਥਾਰਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਾਵਨ ਨਗਰੀ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਪਲਾਜ਼ਾ ਸਮੇਤ ਵੱਖ-ਵੱਖ ਵਿਰਾਸਤੀ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਥਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਅਥਾਰਟੀ ਅਧੀਨ ਚੱਲ ਰਹੇ ਸਾਰੇ ਕੰਮਾਂ ਨੂੰ ਛੇਤੀ ਪੂਰਾ ਕਰਨ ਲਈ ਆਖਿਆ ਤਾਂ ਜੋ ਅੰਮ੍ਰਿਤਸਰ ਨੂੰ ਵਿਸ਼ਵ ਸੈਰ-ਸਪਾਟਾ ਕੇਂਦਰ ਵਜੋਂ ਉਭਾਰਿਆ ਜਾ ਸਕੇ।