Punjab News: ਜਲੰਧਰ ਵਿੱਚ ਸੋਮਵਾਰ ਸਵੇਰੇ ਇੱਕ ਟੂਰਿਸਟ ਬੱਸ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟਕਰਾਅ ਗਈ। ਇਸ ਹਾਦਸੇ ਵਿੱਚ ਬੱਸ ਡਰਾਈਵਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 11 ਜ਼ਖਮੀਆਂ ਵਿੱਚੋਂ 9 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੱਸ ਦਿੱਲੀ ਤੋਂ ਜੰਮੂ ਜਾ ਰਹੀ ਸੀ। ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜਲੰਧਰ-ਪਠਾਨਕੋਟ ਹਾਈਵੇ ‘ਤੇ ਟਰੈਕਟਰ-ਟਰਾਲ਼ੀ ਤੇ ਬੱਸ ਵਿਚਕਾਰ ਸੜਕੀ ਹਾਦਸੇ ‘ਚ ਬੱਸ ਦੇ ਡਰਾਈਵਰ ਸਮੇਤ ਦੋ ਹੋਰ ਲੋਕਾਂ ਦੀ ਜਾਨ ਗਵਾਉਣ ਦੀ ਖ਼ਬਰ ਮਿਲੀ। ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਨਾਲ ਹੀ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। SSF ਦੇ ਮੁਲਾਜ਼ਮਾਂ ਨੂੰ ਸ਼ਾਬਾਸ਼ੀ, ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਜ਼ਖ਼ਮੀਆਂ ਦੀ ਮਦਦ ਕਰੀ।
ਜਾਣਕਾਰੀ ਮੁਤਾਬਕ, ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ , ਕੁਲਦੀਪ ਸਿੰਘ, ਵਰਿੰਦਰ ਪਾਲ ਸਿੰਘ ਵਾਸੀ ਤੇ ਸਤਵਿੰਦਰ ਸਿੰਘ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਅਨੁਸਾਰ ਅਸ਼ੋਕ ਬੱਸ ਸਰਵਿਸ ਦੀ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਤੋਂ ਜੰਮੂ-ਕਸ਼ਮੀਰ ਜਾ ਰਹੀ ਸੀ। ਜਦੋਂ ਬੱਸ ਭੋਗਪੁਰ ਦੇ ਨੇੜੇ ਪਹੁੰਚੀ ਤਾਂ ਅਚਾਨਕ ਇੱਕ ਟਰੈਕਟਰ ਟਰਾਲੀ ਸੜਕ 'ਤੇ ਆ ਗਈ ਤੇ ਪਿੱਛੇ ਆ ਰਹੀ ਬੱਸ ਟਰੈਕਟਰ ਟਰਾਲੀ ਨਾਲ ਟਕਰਾ ਗਈ। ਟੱਕਰ ਤੋਂ ਬਾਅਦ, ਟਰਾਲੀ ਪਲਟ ਗਈ ਜਦੋਂ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬੱਸ ਵਿੱਚ ਬੈਠੇ ਯਾਤਰੀਆਂ ਵਿੱਚ ਚੀਕ-ਚਿਹਾੜਾ ਪੈ ਰਿਹਾ ਸੀ। ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚ ਗਏ ਤੇ ਘਟਨਾ ਦੀ ਸੂਚਨਾ ਭੋਗਪੁਰ ਪੁਲਿਸ ਸਟੇਸ਼ਨ ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਤੇ ਯਾਤਰੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ। ਬੱਸ ਡਰਾਈਵਰ ਸੁਖਵਿੰਦਰ ਅਤੇ ਯਾਤਰੀ ਕੁਲਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਗੁਰਬਦਨ ਸਿੰਘ, ਸੁਨੀਲ ਅਤੇ ਲਗਭਗ 11 ਯਾਤਰੀ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 6 ਲੋਕਾਂ ਨੂੰ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਵਰਿੰਦਰ ਪਾਲ ਸਿੰਘ ਅਤੇ ਸਤਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਦੂਜੇ ਪਾਸੇ, ਪੁਲਿਸ ਨੇ ਕਰੇਨ ਦੀ ਮਦਦ ਨਾਲ ਬੱਸ ਨੂੰ ਹਾਈਵੇਅ ਦੇ ਕਿਨਾਰੇ ਲਿਜਾਇਆ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਜ਼ਖਮੀਆਂ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ।