Farmer protest: ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਮੁਕੰਮਲ ਘਿਰਾਓ
Farmer protest ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਘਰਸ਼ੀ ਮੋਰਚਿਆਂ ਤੋਂ ਬਿਨਾਂ ਕਿਸੇ ਮਸਲੇ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਹੀ ਹਰ ਸਮੱਸਿਆ ਦਾ ਹੱਲ ਹੈ।
Farmer protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿਛਲੇ 11 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਉੱਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਉਹ ਅੱਜ ਯਾਨਿ 20 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਮੁਕੰਮਲ ਘਿਰਾਓ ਕਰਕੇ ਚਾਰੇ ਪਾਸਿਓਂ ਬੰਦ ਕਰ ਦੇਣਗੇ। ਇਸ ਮੌਕੇ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਸ ਧਰਨੇ ਵਿੱਚ ਪਹੁੰਚ ਰਹੇ ਹਨ।
ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਘਰਸ਼ੀ ਮੋਰਚਿਆਂ ਤੋਂ ਬਿਨਾਂ ਕਿਸੇ ਮਸਲੇ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਹੀ ਹਰ ਸਮੱਸਿਆ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਪਿਛਲੇ 11 ਦਿਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਲਾਇਆ ਹੋਇਆ ਹੈ ਪਰ ਸਰਕਾਰ ਨੇ ਕ ਕਿਸਾਨਾਂ ਨਾਲ ਕੋਈ ਰਾਬਤਾ ਨਹੀਂ ਕੀਤਾ ਅਤੇ ਚੁੱਪੀ ਵੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਧਰਨੇ ਦੌਰਾਨ ਇੱਕ ਕਿਸਾਨ ਦੀ ਜਾਨ ਵੀ ਚਲੀ ਗਈ ਪਰ ਫਿਰ ਵੀ ਸਰਕਾਰ ਨੇ ਚੁੱਪ ਨਹੀਂ ਤੋੜੀ।
ਇਸ ਦੇ ਨਾਲ ਹੀ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਲਲਕਾਰ ਰੈਲੀ ਦੌਰਾਨ ਜਿਹੜਾ ਯਾਦ ਪੱਤਰ ਸਰਕਾਰ ਨੂੰ ਭੇਜਿਆ ਗਿਆ ਸੀ ਉਸ ਬਾਰੇ ਵੀ ਸਰਕਾਰ ਨੇ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਜਿਸ ਕਾਰਨ ਕਿਸਾਨਾਂ ਵਿੱਚ ਸਰਕਾਰ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ।
ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਦਾ ਭਗਵੰਤ ਮਾਨ ਨਾਲ ਕੋਈ ਝਗੜਾ ਜਾਂ ਕੋਈ ਦੁਸ਼ਮਣੀ ਨਹੀਂ ਹੈ ਸਗੋਂ ਉਨ੍ਹਾਂ ਦਾ ਪੰਜਾਬ ਦਾ ਮੁੱਖ ਮੰਤਰੀ ਨਾਲ ਵਿਵਾਦ ਹੈ। ਇਸ ਲਈ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਇਹ ਕੋਈ ਪਹਿਲਾਂ ਮੋਰਚਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਜੋ ਮੋਰਚਾ ਲਾਇਆ ਹੈ ਉਹ ਫ਼ਤਿਹ ਕਰਕੇ ਵਾਪਸ ਆਏ ਹਨ। ਇਹ ਮੋਰਚਾ ਵੀ ਕਿਸਾਨ ਜਿੱਤ ਕੇ ਹੀ ਪਰਤਣਗੇ।
ਧਰਨੇ ਵਿੱਚ ਸ਼ਿਰਕਤ ਕਰਦੇ ਕਿਸਾਨਾਂ ਨੇ ਕਿਹਾ ਕਿ ਸੰਘਰਸ਼ ਵਿਚਾਲੇ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦਾ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਪੀੜਤ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਨਹੀਂ ਕਰਦੀ।