Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇੱਕ ਜਨਤਕ ਮੰਚ ਤੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Gulab chand kataria) ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਰਾਜਪਾਲ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੀ ਚੰਗਾ ਕੰਮ ਕਰ ਰਿਹਾ ਹੈ। ਉਨ੍ਹਾਂ ਦੀ ਫੈਸਲਾ ਲੈਣ ਦੀ ਸਮਰੱਥਾ ਚੰਗੀ ਹੈ, ਉਨ੍ਹਾਂ ਕੋਲ ਤਜ਼ਰਬਾ ਹੈ। ਉਹ ਵਿਧਾਇਕ, ਮੰਤਰੀ ਅਤੇ ਸੰਸਦ ਮੈਂਬਰ ਰਹਿ ਚੁੱਕੇ ਹਨ। ਇਹ ਅਨੁਭਵ ਮੇਰੇ ਲਈ ਵੀ ਲਾਭਦਾਇਕ ਸਾਬਤ ਹੋ ਰਿਹਾ ਹੈ।






ਇਸ ਦੌਰਾਨ ਮੁੱਖ ਮੰਤਰੀ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਮੁਬਾਰਕਪੁਰ ਜੈਨ ਸਮਾਜ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ।



ਪੁਰਾਣੇ ਰਾਜਪਾਲ ਨਾਲ ਪਿਆ ਰਹਿੰਦਾ ਸੀ ਕਲੇਸ਼


ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਰਿਸ਼ਤੇ ਬਹੁਤੇ ਸੁਖਾਵੇਂ ਨਹੀਂ ਸਨ। ਪਾਰਟੀ ਨੂੰ ਸੈਸ਼ਨ ਬੁਲਾਉਣ ਲਈ ਅਦਾਲਤ ਜਾਣਾ ਪਿਆ। ਇਸ ਤੋਂ ਇਲਾਵਾ ਉਨ੍ਹਾਂ ਕਈ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ। ਇੰਨਾ ਹੀ ਨਹੀਂ ਤਤਕਾਲੀ ਰਾਜਪਾਲ ਉਨ੍ਹਾਂ ਨੂੰ ਲਗਾਤਾਰ ਪੱਤਰ ਲਿਖਦੇ ਰਹੇ।



ਇਸ ਦੇ ਨਾਲ ਹੀ ਦੋਵੇਂ ਜਨਤਕ ਮੰਚਾਂ 'ਤੇ ਇੱਕ-ਦੂਜੇ ਨੂੰ ਤਾਅਨੇ ਮਾਰਦੇ ਰਹੇ। ਜਦੋਂਕਿ ਨਵੇਂ ਰਾਜਪਾਲ ਨਾਲ ਸੀਐਮ ਦੇ ਸਬੰਧ ਠੀਕ ਚੱਲ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਜੋ ਵੀ ਪ੍ਰਸਤਾਵ ਰੱਖੇ ਸਨ ਤੇ ਉਨ੍ਹਾਂ ਨੂੰ ਮਨਜ਼ੂਰੀ ਲਈ ਭੇਜੇ ਸਨ, ਉਨ੍ਹਾਂ ਨੂੰ ਰਾਜਪਾਲ ਨੇ ਪਾਸ ਕਰ ਦਿੱਤਾ ਹੈ। ਇਸ ਵਿੱਚ ਪੰਚਾਇਤੀ ਰਾਜ ਐਕਟ, ਪੰਜਾਬ ਫਾਇਰ ਐਮਰਜੈਂਸੀ ਬਿੱਲ ਅਤੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਬਿੱਲ 2025 ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਤੋਂ ਇਲਾਵਾ ਅਜੇ ਤੱਕ ਕਿਸੇ ਵੀ ਧਿਰ ਨੇ ਇਕ ਦੂਜੇ ਖਿਲਾਫ ਕੋਈ ਬਿਆਨ ਨਹੀਂ ਦਿੱਤਾ ਹੈ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :