Punjab News: ਅੱਜ ਸੰਵਿਧਾਨ ਖਤਰੇ ਵਿੱਚ ਹੈ ਅਤੇ ਸੰਵਿਧਾਨ ਨੂੰ ਬਚਾਉਣ ਦੀ ਬਹੁਤ ਲੋੜ ਹੈ ਕਿਉਂਕਿ ਅੱਜ ਕੁਝ ਪਾਰਟੀਆਂ ਧਰਮ ਦੇ ਨਾਂ 'ਤੇ ਦੇਸ਼ ਨੂੰ ਵੰਡ ਰਹੀਆਂ ਹਨ, ਜੋ ਨਹੀਂ ਹੋਣਾ ਚਾਹੀਦਾ ਅਤੇ ਹਰ ਧਰਮ ਦਾ ਸਤਿਕਾਰ ਹੋਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਮਾਨਸਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ, ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੀ ਸ਼ਿਰਕਤ ਕਰਦਿਆਂ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ 'ਆਪ' ਅਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ।
ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ 'ਚ ਮਾਨਸਾ 'ਚ ਰੋਡ ਸ਼ੋਅ ਕੀਤਾ ਗਿਆ
ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ 'ਚ ਮਾਨਸਾ 'ਚ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਜੀਤ ਮਹਿੰਦਰ ਸਿੰਘ ਸਿੱਧੂ ਨੇ ਮਾਨਸਾ 'ਚ ਆਪਣੇ ਦਫ਼ਤਰ ਦਾ ਉਦਘਾਟਨ ਵੀ ਕੀਤਾ ਤਾਂ ਜੋ ਸਾਡੇ ਨੌਜਵਾਨਾਂ ਨੂੰ ਮਿਲ ਸਕੇ ਰੁਜ਼ਗਾਰ ਅਤੇ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ ਹੈ ।
ਉਹਨਾਂ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਮਾਪਿਆਂ ਨੂੰ ਇਨਸਾਫ ਦਵਾਉਣ ਦੇ ਲਈ ਉਹ ਸੰਸਦ ਦੇ ਵਿੱਚ ਆਵਾਜ਼ ਉਠਾਉਣਗੇ ਅਤੇ ਜੋ ਦੋਸ਼ੀ ਅਜੇ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਨੇ ਉਹਨਾਂ ਨੂੰ ਗ੍ਰਿਫਤਾਰ ਕਰਵਾਉਣਗੇ ਤੇ ਸਿੱਧੂ ਮੂਸੇ ਵਾਲਾ ਦੇ ਦੋਸ਼ੀਆਂ ਨੂੰ ਸਜ਼ਾ ਦਵਾ ਕੇ ਮਾਪਿਆਂ ਨੂੰ ਇਨਸਾਫ ਦਿਵਾਉਣਗੇ। ਇਸ ਦੌਰਾਨ ਜੀਤ ਮਹਿੰਦਰ ਸਿੱਧੂ ਨੇ ਅਫੀਮ ਦੀ ਖੇਤੀ ਉੱਤੇ ਬੋਲਦੇ ਹੋਏ ਕਿਹਾ ਕਿ ਇਹ ਵਿਚਾਰਨਯੋਗ ਮਾਮਲਾ ਹੈ ਕਿਉਂਕਿ ਇਸ ਦੇ ਕਈ ਫਾਇਦੇ ਵੀ ਹਨ ਤੇ ਕਈ ਨੁਕਸਾਨ ਵੀ ਹਨ।
ਦੇਸ਼ ਵਿੱਚ ਸੰਵਿਧਾਨ ਨੂੰ ਬਚਾਉਣ ਦੀ ਬਹੁਤ ਜ਼ਰੂਰਤ ਹੈ
ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇਸ਼ ਦੇ ਵਿੱਚ ਸੰਵਿਧਾਨ ਨੂੰ ਬਚਾਉਣ ਦੀ ਵੱਡੀ ਲੋੜ ਹੈ ਕਿਉਂਕਿ ਕਈ ਲੋਕ ਸੰਵਿਧਾਨ ਦੇ ਵਿੱਚ ਤਬਦੀਲੀ ਕਰ ਰਹੇ ਹਨ ਅਤੇ ਧਰਮਾਂ ਦੇ ਨਾਮ ਉੱਤੇ ਵੰਡ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੋ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਹੈ ਅਤੇ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਇਸ ਦੌਰਾਨ ਉਹਨਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥ ਦੇ ਨਾਮ ਦੇ ਮੰਗੀਆਂ ਜਾ ਰਹੀਆਂ ਵੋਟਾਂ ਦੇ ਮਾਮਲੇ ਵਿੱਚ ਵੀ ਕਿਹਾ ਕਿ ਅੱਜ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥ ਯਾਦ ਆ ਗਿਆ ਹੈ।
ਬਲਕੌਰ ਸਿੰਘ ਬੋਲੇ ਕੇਂਦਰ ਵਿੱਚ ਬਦਲਾਅ ਲਿਆਉਣ ਦੀ ਲੋੜ
ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੋਲਦਿਆਂ ਕਿਹਾ ਕਿ ਕੇਂਦਰ ਵਿੱਚ ਬਦਲਾਅ ਲਿਆਉਣ ਦੀ ਲੋੜ ਹੈ ਕਿਉਂਕਿ ਅੱਜ ਸਾਡੇ ਦੇਸ਼ ਵਿੱਚ ਗੈਂਗਵਾਰ ਕਾਰਨ ਹਰ ਰੋਜ਼ ਮੌਤਾਂ ਹੋ ਰਹੀਆਂ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਧਰਮਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਵਿੱਚ ਵਸਦੇ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਦਕਿ ਉਨ੍ਹਾਂ ਕਿਹਾ ਕਿ ਅੱਜ ਵੀ ਉਹ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ, ਪਰ ਜਦੋਂ ਕੱਲ੍ਹ ਮਾਣਯੋਗ ਅਦਾਲਤ ਵੱਲੋਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ।
ਇਸ ਲਈ ਇਸ ਸਮੇਂ ਦੌਰਾਨ ਉਸ ਨੂੰ ਲੱਗਾ ਕਿ ਸ਼ਾਇਦ ਇਨਸਾਫ਼ ਹੋ ਗਿਆ ਹੋਵੇ, ਪਰ ਇੰਨੀ ਜਲਦੀ ਇਨਸਾਫ਼ ਨਹੀਂ ਮਿਲੇਗਾ ਕਿਉਂਕਿ ਅੱਜ ਵੀ ਕਈ ਮੁਲਜ਼ਮ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ ਅਤੇ ਪੁਲਿਸ ਅਤੇ ਸਰਕਾਰ ਵੱਲੋਂ ਮੁਲਜ਼ਮਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਵੇਂ ਬਦਲਾਅ ਲਿਆਉਣ ਦੀ ਲੋੜ ਹੈ ਤਾਂ ਜੋ ਅਜਿਹੇ ਗੈਂਗਸਟਰਾਂ ਨੂੰ ਫੜਿਆ ਜਾ ਸਕੇ ਅਤੇ ਦੇਸ਼ ਵਿੱਚ ਅਮਨ-ਕਾਨੂੰਨ ਦੀ ਸ਼ਾਂਤੀ ਬਹਾਲ ਰੱਖੀ ਜਾ ਸਕੇ।
ਮਾਨਸਾ ਕਾਂਗਰਸ ਦੇ ਪ੍ਰਧਾਨ ਅਰਸ਼ਦੀਪ ਗਾਗੋਵਾਲ ਨੇ ਦੱਸਿਆ ਕਿ ਅੱਜ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਅਤੇ ਨੌਜਵਾਨਾਂ ਨੇ ਕਾਂਗਰਸ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਕੱਢੀ।