Punjab News: ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦਾ ਮਸਲਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਨੂੰ ਅਧਿਕਾਰਤ ਤੌਰ 'ਤੇ 21 ਸਤੰਬਰ, 1953 ਨੂੰ ਸ਼ਿਮਲਾ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਇਸ ਦਾ ਉਦਘਾਟਨ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਜੀ ਵੱਲੋਂ 7 ਅਕਤੂਬਰ, 1953 ਨੂੰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ, 1966 ਵਿੱਚ ਸੂਬੇ ਦੀ ਵੰਡ ਸਮੇਂ ਪੰਜਾਬ ਪੁਨਰਗਠਨ ਐਕਟ, 1966 ਦੇ ਸੈਕਸ਼ਨ 4 ਦੇ ਉਪਬੰਧਾਂ ਤਹਿਤ ਚੰਡੀਗੜ੍ਹ ਸ਼ਹਿਰ ਨੂੰ 1 ਨਵੰਬਰ, 1966 ਤੋਂ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਹੁਣ ਤੱਕ ਇਹੀ ਸਥਿਤੀ ਬਰਕਰਾਰ ਹੈ, ਜੋ ਕਿ ਸੂਬੇ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਨੂੰ ਪੰਜਾਬ ਦੀ ਐਕੁਆਇਰ ਕੀਤੀ ਗਈ ਜ਼ਮੀਨ ਉੱਤੇ ਪੰਜਾਬ ਦੀ ਨਵੀਂ ਰਾਜਧਾਨੀ ਵਜੋਂ ਵਸਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਜੋਂ ਇਸ ਦਾ ਦਰਜਾ ਬਹਾਲ ਕਰਨ ਦਾ ਮਾਮਲਾ ਅਜੇ ਲਟਕਿਆ ਹੋਇਆ ਹੈ ਜਿਸ ਨਾਲ ਹਰੇਕ ਪੰਜਾਬੀ ਦੇ ਮਨ ਨੂੰ ਡੂੰਘੀ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮਸਲਾ ਵੱਖ-ਵੱਖ ਮੰਚਾਂ 'ਤੇ ਵਿਚਾਰ ਅਧੀਨ ਹੈ, ਪਰ ਵੱਖ-ਵੱਖ ਪੱਧਰ 'ਤੇ ਇਸ ਮਸਲੇ ਨੂੰ ਉਠਾਉਣ ਦੇ ਬਾਵਜੂਦ, ਪੰਜਾਬ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦਾ ਨਿਪਟਾਰਾ ਨਹੀਂ ਹੋਇਆ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਦੇ ਪ੍ਰਾਜੈਕਟ ਉਤੇ ਸੋਚ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਤਾਂ ਪਹਿਲਾਂ ਹੀ ਪਾਣੀ ਨਹੀਂ ਅਤੇ ਇਸ ਵਿੱਚੋਂ ਕਿਸੇ ਹੋਰ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਤਾਂ ਸਗੋਂ ਸਤਲੁਜ ਦਰਿਆ ਰਾਹੀਂ ਗੰਗਾ ਅਤੇ ਯਮੁਨਾ ਤੋਂ ਪਾਣੀ ਦੀ ਸਪਲਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਲਈ ਬਹੁਤ ਹੀ ‘ਜਜ਼ਬਾਤੀ ਮਸਲਾ’ ਹੈ ਅਤੇ ਇਸ ਨਹਿਰ ਦੀ ਉਸਾਰੀ ਨਾਲ ਅਮਨ-ਕਾਨੂੰਨ ਦੀ ਵਿਵਸਥਾ ਉਤੇ ਡੂੰਘਾ ਪ੍ਰਭਾਵ ਪਵੇਗਾ। ਇਹ ਇਕ ਕੌਮੀ ਸਮੱਸਿਆ ਬਣ ਜਾਵੇਗੀ, ਜਿਸ ਦਾ ਪ੍ਰਭਾਵ ਹਰਿਆਣਾ ਅਤੇ ਰਾਜਸਥਾਨ ਵੀ ਭੁਗਤਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੁਰਾਣੇ ਪੰਜਾਬ ਵਿੱਚੋਂ ਵਗਦੀ ਸੀ। ਹਾਲਾਂਕਿ, ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ ਪੰਜਾਬ ਅਤੇ ਹਰਿਆਣਾ ਵਿਚਕਾਰ ਯਮੁਨਾ ਦੇ ਪਾਣੀਆਂ ਨੂੰ ਨਹੀਂ ਮੰਨਿਆ ਗਿਆ ਸੀ, ਜਦੋਂ ਕਿ ਵੰਡ ਲਈ ਰਾਵੀ ਅਤੇ ਬਿਆਸ ਦੇ ਪਾਣੀ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਪੰਜਾਬ ਸਹਿਯੋਗ ਲਈ ਬੇਨਤੀ ਕਰਦਾ ਆ ਰਿਹਾ ਹੈ, ਪਰ ਸਾਡੀ ਬੇਨਤੀ ਨੂੰ ਇਸ ਆਧਾਰ 'ਤੇ ਨਹੀਂ ਮੰਨਿਆ ਗਿਆ ਕਿ ਪੰਜਾਬ ਦਾ ਕੋਈ ਭੂਗੋਲਿਕ ਖੇਤਰ ਯਮੁਨਾ ਬੇਸਿਨ ਵਿੱਚ ਨਹੀਂ ਆਉਂਦਾ ਹੈ।