SGPC on Yaariyan 2: ਫਿਲਮ ‘ਯਾਰੀਆਂ-2’ ਵਿੱਚ ਕਕਾਰਾਂ ਦੇ ਅਪਮਾਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਵਾਈ ਆਰੰਭ ਦਿੱਤੀ ਹੈ। ਇਸ ਸਬੰਧੀ ਮੰਗਲਵਾਰ ਨੂੰ ਇੱਥੇ ਪੁਲਿਸ ਕਮਿਸ਼ਨਰੇਟ ’ਚ ਫਿਲਮ ਨਿਰਮਾਤਾਵਾਂ ਖ਼ਿਲਾਫ਼ ਕਾਰਵਾਈ ਲਈ ਸ਼ਿਕਾਇਤ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਹੇਠ ਕਾਰਵਾਈ ਲਈ ਸ਼ਿਕਾਇਤ ਭੇਜੀ ਗਈ ਹੈ।
ਇਸੇ ਦੌਰਾਨ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਟੀ-ਸੀਰੀਜ਼ ਕੰਪਨੀ ਨਾਲ ਵੀ ਸੰਪਰਕ ਕੀਤਾ ਸੀ, ਜਿਨ੍ਹਾਂ ਨੇ ਇਹ ਮਾਮਲਾ ਵਿਚਾਰੇ ਜਾਣ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਟੀ-ਸੀਰੀਜ਼ ਦੇ ਅਧਿਕਾਰੀ ਰਾਹੁਲ ਦੂਬੇ ਨੇ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੂੰ ਇਹ ਵਿਵਾਦਤ ਗੀਤ ਯੂ-ਟਿਊਬ ਚੈਨਲ ਤੋਂ ਤੁਰੰਤ ਹਟਾਉਣ ਲਈ ਕਿਹਾ ਗਿਆ ਹੈ। ਦੂਬੇ ਅਨੁਸਾਰ ਉਹ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਦ੍ਰਿਸ਼ ਹਟਾਉਣ ਬਾਰੇ ਵੀ ਵਿਚਾਰ ਕਰ ਰਹੇ ਹਨ।
ਉਧਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ‘ਯਾਰੀਆਂ 2’ ਦੇ ਨਿਰਮਾਤਾਵਾਂ ਤੇ ਨਿਰਦੇਸ਼ਕਾਂ ਨੂੰ ਫਿਲਮ ‘ਚ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਸਬੰਧੀ ਕਾਨੂੰਨੀ ਨੋਟਿਸ ਭੇਜਿਆ ਹੈ। ਦਿੱਲੀ ਕਮੇਟੀ ਨੇ ਤਿੰਨ ਦਿਨਾਂ ਅੰਦਰ ਮੁਆਫੀ ਮੰਗਣ ਲਈ ਕਿਹਾ ਹੈ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਫਿਲਮ ਨਿਰਮਾਤਾਵਾਂ ਨੇ ਨਿੰਦਣਯੋਗ ਕੰਮ ਕੀਤਾ ਹੈ।