ਚੰਡੀਗੜ੍ਹ : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿੱਚ 7 ਕਲਰਕ, 4 ਐੱਸਐੱਲਏ, 9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ। 


ਅੱਜ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦੇਣ ਸਮੇਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲੋਂ ਵਿਭਾਗ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਆਪ ਸਭ ਨੂੰ ਵਿਭਾਗ ਵਿੱਚ ਕਾਰਜ ਕਰਨ ਦਾ ਇਹ ਮੌਕਾ ਆਪ ਦੇ ਪਰਿਵਾਰ ਦੀ ਵਿਛੜੀ ਹੋਈ ਸ਼ਖਸ਼ੀਅਤ ਕਾਰਨ ਵਿਭਾਗੀ ਨੇਮਾਂ ਅਨੁਸਾਰ ਬਹੁਤ ਘੱਟ ਸਮੇਂ ਦੇ ਅੰਦਰ ਹੀ ਮਿਲਿਆ ਹੈ। ਵਿੱਛੜੇ ਪਰਿਵਾਰਕ ਮੈਂਬਰ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਵਿਭਾਗ ਵੱਲੋਂ ਘੱਟ ਸਮੇਂ ਅੰਦਰ ਇਹ ਨਿਯੁਕਤੀ ਪੱਤਰ ਦੇ ਕੇ ਪਰਿਵਾਰਾਂ ਨੂੰ ਮੱਦਦ ਦੇਣ ਦੀ ਨਿਮਾਣੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਉੱਜਵਲ ਭਵਿੱਖ ਅਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।


ਇਸ ਮੌਕੇ ਤਰਸ ਦੇ ਆਧਾਰ ਉੱਤੇ ਨੌਕਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਨਾਲ ਆਏ ਸਰਪ੍ਰਸਤਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਸਰਕਾਰ ਦਾ ਬਹੁਤ ਹੀ ਘੱਟ ਸਮੇਂ ਵਿੱਚ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ।


ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ), ਕੁਲਜੀਤ ਸਿੰਘ ਮਾਹੀ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ ਤੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਗੁਰਜੀਤ ਸਿੰਘ ਵੀ ਹਾਜ਼ਰ ਸਨ।


ਨਵੀਂਆਂ ਨਿਯੁਕਤੀਆਂ ਨਾਲ PWD ਵੱਲੋਂ ਉਸਾਰੇ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ‘ਚ ਤੇਜ਼ੀ ਆਵੇਗੀ : ਹਰਭਜਨ ਸਿੰਘ ਈਟੀਓ  


ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸਡੀਈਜ਼ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਨਵ-ਨਿਯੁਕਤ ਐਸ.ਡੀ.ਓਜ਼ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆਂ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਨਵੀਆਂ ਤਕਨੀਕਾਂ ਨਾਲ ਪੜ੍ਹਾਈ ਕਰਕੇ ਆਏ ਨੇ ਜੋ ਕਿ ਵਿਭਾਗ ਅਤੇ ਸੂਬੇ ਲਈ ਉਸਾਰੂ ਸਿੱਧ ਹੋਣਗੀਆਂ।