Punjab Election: ਪੰਜਾਬ ਦੀ ਜਲੰਧਰ ਵੈਸਟ ਸੀਟ ਜੋ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਖ਼ਾਲੀ ਹੋ ਗਈ ਸੀ ਉਸ ਉੱਤੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। 


ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।  ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। 


ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।


ਜ਼ਿਕਰ ਕਰ ਦਈਏ ਕਿ ਚੋਣ ਕਮਿਸ਼ਨ ਨੇ ਬਿਹਾਰ, ਬੰਗਾਲ, ਮੱਧ ਪ੍ਰਦੇਸ਼ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। 13 ਸੀਟਾਂ 'ਤੇ ਉਪ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ। 10 ਜੁਲਾਈ ਨੂੰ ਬਿਹਾਰ ਦੀ 1, ਬੰਗਾਲ ਦੀ 4, ਤਾਮਿਲਨਾਡੂ ਦੀ 1, ਮੱਧ ਪ੍ਰਦੇਸ਼ ਦੀ 1, ਉੱਤਰਾਖੰਡ ਦੀ 2, ਪੰਜਾਬ ਦੀ 1 ਅਤੇ ਹਿਮਾਚਲ ਦੀ 3 ਸੀਟ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਸੀਟਾਂ 'ਤੇ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਦੀ ਆਖਰੀ ਮਿਤੀ 21 ਜੂਨ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਰੱਖੀ ਗਈ ਹੈ। 10 ਜੁਲਾਈ ਨੂੰ ਵੋਟਾਂ ਪੈਣਗੀਆਂ। ਨਤੀਜੇ 13 ਜੁਲਾਈ ਨੂੰ ਆਉਣਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।