Punjab News: ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨੇ ਕਿਹਾ ਕਿ 'ਆਪ' ਦੀ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। 21 ਅਕਤੂਬਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਵੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਨਹੀਂ ਲਿਆ ਸੀ, ਜਦਕਿ ਪੰਜਾਬ ਚੋਣਾਂ ਦੌਰਾਨ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਚੇ ਕਾਮੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ‘ਆਪ’ ਦਾ ਪਰਦਾਫਾਸ਼ ਕਰਨਗੇ। ਇਸ ਦੇ ਨਾਲ ਹੀ 'ਆਪ' ਦੀ ਸਰਕਾਰੀ ਵਿਭਾਗਾਂ ਨੂੰ ਖਤਮ ਕਰਨ ਦੀ ਮੁਲਾਜ਼ਮ ਵਿਰੋਧੀ ਨੀਤੀ ਨੂੰ ਲੈ ਕੇ ਦਿੱਲੀ 'ਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਅਤੇ ਕੱਚੇ ਵਰਕਰਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਹਾਸਲ ਕੀਤੀ ਸੀ ਪਰ ‘ਆਪ’ ਨੇ ਆਪਣਾ ਅਸਲੀ ਚਿਹਰਾ ਵਿਖਾ ਦਿੱਤਾ ਹੈ।
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਠੇਕੇ ਦੀ ਭਰਤੀ ਨਾ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਵਿੱਚ ਸਭ ਕੁਝ ਉਲਟ ਹੋ ਰਿਹਾ ਹੈ।
ਯੂਨੀਅਨ ਦੇ ਪ੍ਰਧਾਨ ਤੇ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਵੀ ਅਕਾਲੀ ਤੇ ਕਾਂਗਰਸ ਸਰਕਾਰ ਦੀ ਤਰਜ਼ ’ਤੇ ਆਪਣਾ ਸਮਾਂ ਬਤੀਤ ਕਰ ਰਹੀ ਹੈ। ਚੋਣਾਂ ਦੌਰਾਨ ਪਨਬੱਸ/ਪੀ.ਆਰ.ਟੀ.ਸੀ ਮੁਲਾਜ਼ਮਾਂ ਨੇ 'ਆਪ' ਸਰਕਾਰ ਲਈ ਵੱਡਮੁੱਲਾ ਯੋਗਦਾਨ ਪਾਇਆ ਸੀ ਪਰ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਇਹ ਮਹਿਸੂਸ ਹੋਣ ਲੱਗਾ ਹੈ ਕਿ ਉਹ ਗਲਤ ਸਰਕਾਰ ਦਾ ਸਾਥ ਦੇ ਰਹੇ ਹਨ ।
ਕੈਸ਼ੀਅਰ ਬਲਜਿੰਦਰ ਸਿੰਘ, ਰਮਨਦੀਪ ਸਿੰਘ ਜਲੌਰ ਸਿੰਘ ਅਤੇ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਮੰਤਰੀ ਅਤੇ ਅਧਿਕਾਰੀ ਹਰ ਗੱਲ ਤੋਂ ਮੂੰਹ ਮੋੜ ਰਹੇ ਹਨ। ਸਾਰੇ ਤੱਥ ਸਾਹਮਣੇ ਰੱਖਣ ਅਤੇ ਮੰਗਾਂ ਨੂੰ ਜਾਇਜ਼ ਠਹਿਰਾਉਣ ਦੇ ਬਾਵਜੂਦ ਵੀ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾ ਰਿਹਾ। ਯੂਨੀਅਨ ਨੇ ਕਿਹਾ ਕਿ ਮੀਟਿੰਗਾਂ ਦੀ ਕਾਰਵਾਈ ਤਿਆਰ ਕਰਨ ਸਮੇਂ ਵੀ ਅਧਿਕਾਰੀ ਆਪਣੀ ਮਰਜ਼ੀ ਨਾਲ ਕਰਦੇ ਹਨ। ਇਸ ਤੋਂ ਸਾਫ਼ ਹੈ ਕਿ ਅਫ਼ਸਰਸ਼ਾਹੀ ਕੱਚੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।