(Source: ECI/ABP News)
ਵਿੱਤ ਵਿਭਾਗ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ’ ਲਈ 25 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ
ਪੰਜਾਬ ਦੇ ਮੁੱਖ ਮੰਤਰੀ ਵੱਲੋਂ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ (ਕੌਮੀ ਖੇਡ ਦਿਵਸ) ਮੌਕੇ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਜਾਵੇਗੀ।

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੇਡ ਵਿਭਾਗ ਵੱਲੋਂ ਦੋ ਮਹੀਨੇ ਤੱਕ ਚੱਲਣ ਵਾਲੇ ਖੇਡਾਂ ਦੇ ਮਹਾਂਕੁੰਭ 'ਖੇਡਾਂ ਵਤਨ ਪੰਜਾਬ ਦੀਆਂ' ਲਈ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਪ੍ਰਵਾਨਤ ਬਜਟੀ ਵਿੱਚੋਂ ਉਪਬੰਧਾਂ ਵਿੱਚੋਂ 19.43 ਕਰੋੜ ਰੁਪਏ ਵੱਖ-ਵੱਖ ਹੈੱਡਾਂ ਜਿੰਨ੍ਹਾਂ ਵਿੱਚ ਗ੍ਰਾਂਟ-ਇਨ-ਏਡ ਵਜੋਂ 9.43 ਕਰੋੜ ਰੁਪਏ, ਰਿਵਾਰਡਜ਼ ਲਈ 6 ਕਰੋੜ ਅਤੇ ਹੋਰ ਖਰਚੇ (ਵੋਟਿਡ) ਲਈ 4 ਕਰੋੜ ਰੁਪਏ ਸ਼ਾਮਿਲ ਹਨ, ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਵਿੱਤ ਵਿਭਾਗ ਨੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨੂੰ ਵਾਧੂ ਬਜਟ ਉਪਬੰਧ ਵਜੋਂ 5.57 ਕਰੋੜ ਰੁਪਏ ਜਾਰੀ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।
ਚੀਮਾ ਨੇ ਕਿਹਾ ਕਿ ਇਸ ਰਾਜ ਪੱਧਰੀ ਖੇਡ ਮੇਲੇ ਦੀ ਸ਼ਾਨਦਾਰ ਸਫਲਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਰੇ ਮੰਤਰਾਲੇ, ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਿਲ ਕੇ ਕੰਮ ਕਰ ਰਹੇ ਹਨ ਅਤੇ ਇਹ ਖੇਡ ਮੇਲਾ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਅਤੇ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਸਾਬਿਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਵੱਲੋਂ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ (ਕੌਮੀ ਖੇਡ ਦਿਵਸ) ਮੌਕੇ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਜਾਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
