ਚੰਡੀਗੜ੍ਹ: ਉੱਤਰੀ ਭਾਰਤ ਵਿੱਚ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਸ਼ ਦੇਖਣ ਨੂੰ ਮਿਲੀ ਹੈ। ਹਾਲਾਂਕਿ ਅਗਲੇ 24 ਘੰਟਿਆਂ 'ਚ ਵੀ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ 10, 11 ਤੇ 12 ਜੁਲਾਈ ਨੂੰ ਮੀਂਹ ਪੈਣ ਦੇ ਆਸਾਰ ਹਨ।


ਚੰਡੀਗੜ੍ਹ ਵਿੱਚ ਵੀ ਬੀਤੀ ਸ਼ਾਮ ਭਾਰੀ ਮੀਂਹ ਪਿਆ। ਇਹ ਮਾਨਸੂਨ ਦੇ ਦਸਤਕ ਦੇਣ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਧ ਮੀਂਹ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 52.4 ਐਮਐਮ ਮੀਂਹ ਦਰਜ ਕੀਤਾ ਗਿਆ, ਜਿਸ ਕਾਰਨ ਤਾਪਮਾਨ ਵੀ ਹੇਠਾਂ ਚਲਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।




ਅੰਮ੍ਰਿਤਸਰ ਵਿੱਚ ਘੱਟ ਤੋਂ ਘੱਟ 28.2 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਲੁਧਿਆਣਾ ਵਿੱਚ ਹੇਠਲਾ ਤਾਪਮਾਨ 24.4 ਡਿਗਰੀ ਤੇ ਉਪਰਲਾ 35.7, ਡਿਗਰੀ, ਪਟਿਆਲਾ ਵਿੱਚ ਘੱਟ ਤੋਂ ਘੱਟ 27.9 ਡਿਗਰੀ ਤੇ ਵੱਧ ਤੋਂ ਵੱਧ 35.2 ਡਿਗਰੀ ਤਾਪਮਾਨ ਰਿਹਾ।



ਚੰਡੀਗੜ੍ਹ ਦੇ ਨਾਲ ਲਗਦੇ ਸ਼ਹਿਰ ਮੁਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਮੰਗਲਵਾਰ ਦੇਰ ਸ਼ਾਮ ਕਾਫ਼ੀ ਮੀਂਹ ਪਿਆ, ਜਿਸ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿੱਤੀ। ਲੁਧਿਆਣਾ ਤੇ ਜਲੰਧਰ ਇਲਾਕੇ ਵਿੱਚ ਲੰਘੀ ਰਾਤ 10 ਐਮਐਮ ਮੀਂਹ ਦਰਜ ਕੀਤਾ ਗਿਆ। ਹਰਿਆਣਾ ਦੇ ਰੋਹਤਕ ਤੇ ਝੱਜਰ ਇਲਾਕੇ ਵਿੱਚ ਮੀਂਹ ਪਿਆ। ਮੀਂਹ ਕਾਰਨ ਪੰਜਾਬ ਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਸ਼ੁਰੂ ਹੋ ਗਈਆਂ।