Punjab Politcs: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ 7 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਨਾਲ ਇੱਕ ਚਰਚਾ ਵੀ ਛਿੜ ਗਈ ਹੈ ਕਿ ਆਖ਼ਰ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ 'ਪੱਕੀ ਸੀਟ' ਬਠਿੰਡਾ ਤੇ ਫਿਰੋਜ਼ਪੁਰ ਤੋਂ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।


ਜੇ ਗੱਲ ਬਠਿੰਡਾ ਲੋਕ ਸਭਾ ਸੀਟ ਦੀ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਉੱਤੇ ਰੋਕ ਦਿੱਤੀ ਹੈ। ਹਰਸਿਮਰਤ ਕੌਰ ਬਾਦਲ ਇੱਥੋਂ ਲਗਾਤਾਰ ਤਿੰਨ ਵਾਰ ਲੋਕ ਸਭਾ ਚੋਣ ਜਿੱਤ ਚੁੱਕੇ ਹਨ। ਪਹਿਲੀ ਸੂਚੀ ਵਿੱਚ ਹਰਸਿਮਰਤ ਕੌਰ ਬਾਦਲ ਦਾ ਨਾਂਅ ਤੈਅ ਮੰਨਿਆ ਜਾ ਰਿਹਾ ਸੀ। ਹਾਲਾਂਕਿ ਪਾਰਟੀ ਨੇ ਅਜੇ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।


ਉੱਥੇ ਹੀ ਜੇ ਫਿਰੋਜ਼ਪੁਰ ਸੀਟ ਦੀ ਗੱਲ ਕੀਤੀ ਜਾਵੇ ਤਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਸਮੇਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਪਹਿਲੀ ਸੂਚੀ ਵਿੱਚ ਵੀ ਫ਼ਿਰੋਜ਼ਪੁਰ ਸੀਟ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚਰਚਾ ਹੈ ਕਿ ਪਾਰਟੀ ਇੱਥੇ ਕੋਈ ਹੋਰ ਚਿਹਰਾ ਉਤਾਰ ਸਕਦੀ ਹੈ।


ਉੱਥੇ ਹੀ ਜੇ ਸੰਗਰੂਰ ਸੀਟ ਦੀ ਗੱਲ ਕੀਤੀ ਜਾਵੇ ਤਾਂ ਪਾਰਟੀ ਨੇ ਇੱਥੋਂ ਇਕਬਾਲ ਸਿੰਘ ਝੂੰਦਾ ਨੂੰ ਉਮੀਦਵਾਰ ਬਣਾਇਆ ਗਿਆ ਹੈ ਪਰ ਇੱਥੇ ਚਰਚਾ ਸੀ ਕਿ ਇੱਥੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਢੀਂਡਸਾ ਪਰਿਵਾਰ ਦਾ ਅਜੇ ਸੰਗਰੂਰ ਹਲਕੇ ਵਿੱਚ ਖਾਸਾ ਅਸਰ ਹੈ ਤਾਂ ਇੱਥੇ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਦੇਣਾ ਵੀ ਕਿਤੇ ਨਾ ਕਿਤੇ ਸਵਾਲ ਖੜ੍ਹੇ ਕਰਦਾ ਹੈ।


ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ  ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਇਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਬਣਾਇਆ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਤੇ ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ, ਸੰਗਰੂਰ ਤੋਂ ਇਕਲਾਬ ਸਿੰਘ ਝੂੰਦਾ ਤੇ ਪਟਿਆਲਾ ਤੋਂ ਐਨ.ਕੇ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ।