Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਰਹੱਦੀ ਇਲਾਕਿਆਂ ਦੇ ਨੇੜੇ ਸਥਿਤ ਗੁਰਦੁਆਰਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰਨ ਦੇ ਜਾਰੀ ਨਿਰਦੇਸ਼ਾਂ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਦੇ ਅੰਦਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਨ ਅਧੀਨ ਗੁਰਦੁਆਰਿਆਂ ਵਿੱਚ ਸਰੂਪਾਂ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਪ੍ਰਕਿਰਿਆ ਦੇ ਹਿੱਸੇ ਵਜੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੇ ਗਲਹਾੜੀ ਦੇ ਸਰਹੱਦੀ ਇਲਾਕਿਆਂ ਦੇ ਨੇੜੇ ਗੁਰਦੁਆਰਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸਤਿਕਾਰ ਨਾਲ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਲਿਆਂਦਾ ਜਾਵੇਗਾ। ਜ਼ਿਕਰ ਕਰ ਦਈਏ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਪੁੰਛ ਦੇ ਗੁਰਦੁਆਰੇ 'ਤੇ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਨੂੰ ਸਰਹੱਦੀ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਹ ਗੁਰਦੁਆਰਿਆਂ ਵਿੱਚ ਸਥਾਪਿਤ ਪਵਿੱਤਰ ਸਰੂਪਾਂ ਬਾਰੇ ਜਾਣਕਾਰੀ ਲੈ ਰਹੇ ਹਨ। ਜਦੋਂ ਸ਼੍ਰੋਮਣੀ ਕਮੇਟੀ ਦੀ ਟੀਮ ਗੁਰਦਾਸਪੁਰ ਦੇ ਸਰਹੱਦੀ ਪਿੰਡ ਕਾਹਨਾ ਪਹੁੰਚੀ ਤਾਂ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ।
ਪਿੰਡ ਵਾਸੀਆਂ ਨੇ ਕਿਹਾ ਕਿ ਉਹ ਆਪਣੀਆਂ ਜਾਨਾਂ ਕੁਰਬਾਨ ਕਰਕੇ ਵੀ ਪਵਿੱਤਰ ਸਰੂਪਾਂ ਦੀ ਰੱਖਿਆ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਉਨ੍ਹਾਂ ਨੂੰ ਪਿੰਡ ਛੱਡਣਾ ਪਵੇ, ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਰੱਖਿਅਤ ਥਾਂ 'ਤੇ ਲੈ ਜਾਣਗੇ। ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਉਹ ਜੰਗ ਵਰਗੀ ਸਥਿਤੀ ਵਿੱਚ ਦੇਸ਼ ਦੇ ਨਾਲ ਖੜ੍ਹੇ ਹਨ ਤੇ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਜੀ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਉਨ੍ਹਾਂ ਕੋਲ ਆਏ ਸਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਜੰਗ ਚੱਲ ਰਹੀ ਹੈ ਤੇ ਪਾਕਿਸਤਾਨ ਲਗਾਤਾਰ ਡਰੋਨ ਹਮਲੇ ਕਰ ਰਿਹਾ ਹੈ ਅਤੇ ਸਰਹੱਦੀ ਖੇਤਰਾਂ ਦੇ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਸ ਕਾਰਨ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਸਾਹਿਬ ਵੱਲੋਂ ਸਰਹੱਦੀ ਖੇਤਰਾਂ ਦਾ ਦੌਰਾ ਕਰਨ ਤੇ ਖਾਲੀ ਕਰਵਾਏ ਗਏ ਪਿੰਡਾਂ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਸੁਰੱਖਿਅਤ ਥਾਂ 'ਤੇ ਲਿਜਾਣ ਦੇ ਹੁਕਮ ਦਿੱਤੇ ਗਏ ਹਨ।
ਇਸ ਕਾਰਨ ਉਹ ਅੱਜ ਪਿੰਡ ਕਾਹਨਾ ਆਏ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦੀ ਬਹੁਤ ਵਧੀਆ ਦੇਖਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡ ਤੋਂ ਪਵਿੱਤਰ ਸਰੂਪ ਨਹੀਂ ਭੇਜਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਜੇ ਜੰਗ ਹੋਈ ਤਾਂ ਉਹ ਆਪਣੀ ਜਾਨ ਵੀ ਦੇ ਦੇਣਗੇ, ਪਰ ਪਵਿੱਤਰ ਸਰੂਪ ਨੂੰ ਕੁਝ ਨਹੀਂ ਹੋਣ ਦੇਣਗੇ। ਜੇ ਉਨ੍ਹਾਂ ਨੂੰ ਪਿੰਡ ਛੱਡਣਾ ਪਿਆ ਤਾਂ ਉਹ ਪਹਿਲਾਂ ਪਵਿੱਤਰ ਸਰੂਪ ਨੂੰ ਸੁਰੱਖਿਅਤ ਥਾਂ 'ਤੇ ਲੈ ਜਾਣਗੇ। ਇਸ ਭਰੋਸੇ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉੱਥੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਨਹੀਂ ਹਟਾਇਆ।