ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਤੇ ਇਸ ਦੇ ਨਾਲ ਲੱਗਦੇ ਦਿਹਾਤੀ ਇਲਾਕਿਆਂ ਵਿੱਚ ਨਸ਼ੇ ਦਾ ਕਾਰੋਬਾਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਆਏ ਦਿਨ ਹੀ ਅੰਮ੍ਰਿਤਸਰ ਤੇ ਇਸ ਦੇ ਨਾਲ ਲੱਗਦੇ ਦਿਹਾਤੀ ਇਲਾਕਿਆਂ ਦੇ ਵਿੱਚੋਂ ਨੌਜਵਾਨਾਂ ਦੇ ਨਸ਼ਾ ਕਰਨ ਤੋਂ ਬਾਅਦ ਬੇਸੁੱਧ ਹੋਇਆਂ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਪਰ ਇੱਥੇ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇੰਨੀਆ ਵੀਡੀਓ ਵਾਇਰਲ ਹੋਣ ਦੇ ਬਾਵਜੂਦ ਅੰਮ੍ਰਿਤਸਰ ਦਾ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ।


ਇਸ ਦੇ ਚੱਲਦਿਆਂ ਹੁਣ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚੋਂ ਨਸ਼ੇ ਦਾ ਸਫਾਇਆ ਕਰਨ ਲਈ ਸਿੱਖ ਜਥੇਬੰਦੀਆਂ ਨੇ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਅੱਜ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵੱਲੋਂ ਬਾਰਡਰ ਰੇਂਜ ਦੇ ਆਈਜੀ ਮਨੀਸ਼ ਚਾਵਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਨਾਲ-ਨਾਲ ਪੂਰੇ ਪੰਜਾਬ ਦੇ ਅੰਦਰ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਵੱਲੋਂ ਇਸ ਨਸ਼ੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਉਨ੍ਹਾਂ ਅਖੀਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਉਹ ਬਾਰਡਰ ਰੇਂਜ ਦੇ ਆਈਜੀ ਹਰ ਦਫ਼ਤਰ ਮੂਹਰੇ ਪੱਕਾ ਧਰਨਾ ਲਾ ਦੇਣਗੇ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਈਜੀ ਮਨੀ ਚਾਵਲਾ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨਸ਼ੇ ਨੂੰ ਰੋਕਣ ਲਈ ਪੂਰੀ ਤਰਾਂ ਦੇ ਨਾਲ ਗੰਭੀਰ ਹੈ ਤੇ ਆਉਣ ਵਾਲੇ ਸਮੇਂ ਵਿੱਚ ਇਸ ਸੰਬੰਧ ਵਿਚ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਹੈ ਜਿਸ ਵਿੱਚ ਅੰਮ੍ਰਿਤਸਰ ਦੇ ਵਜੋਂ ਨਸ਼ੇ ਨੂੰ ਜਲਦ ਤੋਂ ਜਲਦ ਖਤਮ ਕਰਨ ਦੀ ਮੰਗ ਕੀਤੀ ਗਈ ਹੈ ਤੇ ਪੁਲਿਸ ਨਸ਼ੇ ਦੇ ਕੋਹੜ ਨੂੰ ਅੰਮ੍ਰਿਤਸਰ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚੋਂ ਜੜ੍ਹੋਂ ਪੁੱਟਣ ਲਈ ਕਮਰ ਕੱਸੀ ਬੈਠੀ ਹੈ।