Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਹੈ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਤਹਿਤ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਗ਼ੈਰ-ਸੰਵਿਧਾਨਕ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ’ਚ ਅਮਨ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਥਾਂ ਦੇਸ਼ ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ। 


ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਗ਼ਲਤ ਵਤੀਰੇ ਕਰ ਕੇ ਹੀ ਸੂਬੇ ਦੀ ਸਥਿਤੀ ਬੇਹੱਦ ਨਾਜ਼ੁਕ ਮੋੜ ’ਤੇ ਆ ਖੜ੍ਹੀ ਹੈ ਤੇ ਸਰਕਾਰ ਇਸ ਸਥਿਤੀ ਨਾਲ ਨਜਿੱਠਣ ਦੀ ਥਾਂ ਮਾਹੌਲ ਨੂੰ ਹੋਰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸਾਮ ਭੇਜੇ ਗਏ ਸਿੱਖ ਨੌਜਵਾਨਾਂ ਦਾ ਅਪਰਾਧਿਕ ਪਿਛੋਕੜ ਨਹੀਂ ਹੈ। ਅਜਿਹੇ ਵਿੱਚ ਉਨ੍ਹਾਂ ’ਤੇ ਐਨਐਸਏ ਵਰਗੇ ਸਖ਼ਤ ਕਾਨੂੰਨ ਤਹਿਤ ਕਾਰਵਾਈ ਕਰਨਾ ਬਿਲਕੁਲ ਗ਼ਲਤ ਹੈ।


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇੱਕ ਵਫ਼ਦ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ ਸੀ। ਵਫ਼ਦ ’ਚ ਸ਼ਾਮਲ ਮੈਂਬਰਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਜ਼ਾਹਿਰ ਕੀਤੀ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਕਰਨੈਲ ਸਿੰਘ ਪੰਜੋਲੀ ਤੇ ਹੋਰਨਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਪੰਜਾਬ ਪੁਲਿਸ ਝੂਠੇ ਤੇ ਸੰਗੀਨ ਕੇਸਾਂ ਵਿੱਚ ਫਸਾਏ ਗਏ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ।



ਅੰਮ੍ਰਿਤਪਾਲ ਦੇ ਸਮਰਥਕਾਂ ਤੋਂ ਬਰਾਮਦ ਝੰਡਾ ਖਾਲਿਸਤਾਨ ਦਾ ਨਹੀਂ: ਦਲ ਖਾਲਸਾ


ਉਧਰ, ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਮਰਥਕਾਂ ਕੋਲੋਂ ਬਰਾਮਦ ਕੀਤਾ ਗਿਆ ਝੰਡਾ ਖਾਲਿਸਤਾਨ ਦਾ ਨਹੀਂ, ਸਗੋਂ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦਾ ਹੈ ਤੇ ਦਲ ਖਾਲਸਾ ਵੱਲੋਂ 18 ਸਾਲ ਪਹਿਲਾਂ 26 ਜਨਵਰੀ 2005 ਨੂੰ ਵੀ ਇਹ ਝੰਡਾ ਝੁਲਾਇਆ ਗਿਆ ਸੀ। 


ਦਲ ਖਾਲਸਾ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਦਲ ਖ਼ਾਲਸਾ ਵੱਲੋਂ ਅੰਮ੍ਰਿਤਸਰ ਸਥਿਤ ਗੁਰਦੁਆਰਾ ਬੀ ਬਲਾਕ ਵਿੱਚ ਇਹ ਝੰਡਾ ਝੁਲਾਇਆ ਗਿਆ ਸੀ ਤੇ ਬੰਦੂਕਾਂ ਨਾਲ ਸਲਾਮੀ ਵੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਮਰਹੂਮ ਡਾ. ਜਗਜੀਤ ਸਿੰਘ ਚੌਹਾਨ ਵੀ ਹਾਜ਼ਰ ਸਨ।