Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।”
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਸਰਮਾਇਆ ਇਕੱਠਾ ਕੀਤਾ ਅਤੇ ਵੱਡੇ-ਵੱਡੇ ਮਹਿਲ ਉਸਾਰ ਲਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਉੱਚੀਆਂ ਹਨ ਅਤੇ ਦਰਵਾਜ਼ੇ ਆਮ ਤੌਰ ’ਤੇ ਲੋਕਾਂ ਲਈ ਬੰਦ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਵਿਖਾਇਆ।
ਸੁਖਬੀਰ ਬਾਦਲ ਉੱਤੇ ਸਾਧਿਆ ਨਿਸ਼ਾਨਾ
ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਦੇ ਬਾਵਜੂਦ ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀ ਭੂਗੋਲਿਕ ਸਥਿਤੀ ਤੋਂ ਅਣਜਾਣ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਸਭ ਕੁਝ ਛੱਡ ਦਿਓ, ਸੁਖਬੀਰ ਨੂੰ ਕੱਦੂ ਅਤੇ ਲੌਕੀ ਵਿਚਲੇ ਮੂਲ ਫਰਕ ਦਾ ਵੀ ਪਤਾ ਨਹੀਂ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਆਗੂਆਂ ਨੇ ਕਈ ਸਾਲਾਂ ਤੋਂ ਲੋਕਾਂ ਨੂੰ ਬੇਵਕੂਫ ਬਣਾਇਆ ਹੈ ਪਰ ਹੁਣ ਆਮ ਲੋਕਾਂ ਨੇ ਆਪਣੀ ਹੀ ਸਰਕਾਰ ਨੂੰ ਵੋਟਾਂ ਪਾ ਕੇ ਸੱਤਾ ਵਿਚ ਲਿਆਂਦਾ।