ਰਵਨੀਤ ਕੌਰ ਦੀ ਰਿਪੋਰਟ


ਚੰਡੀਗੜ੍ਹ : ਅੱਜ ਈਡੀ ਦਫ਼ਤਰ ਜਲੰਧਰ ਦੇ ਸਾਹਮਣੇ ਕਾਂਗਰਸ ਪਾਰਟੀ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਇਸ ਵਿੱਚ ਕਾਂਗਰਸ ਦੀ ਸਮੂਹ ਲੀਡਰਸ਼ਿਪ ਸ਼ਾਮਲ ਹੋਵੇਗੀ। ਜ਼ਿਕਰਯੋਗ ਹੈ ਕਿ ਸਵੇਰੇ 10 ਵਜੇ ਈਡੀ ਦਫ਼ਤਰ ਦੇ ਸਾਹਮਣੇ ਇਹ ਧਰਨਾ ਦਿੱਤਾ ਜਾਵੇਗਾ।


ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਈਡੀ ਸਾਹਮਣੇ ਪੇਸ਼ੀ ਸਬੰਧੀ ਇਹ ਧਰਨਾ ਦੇਣ ਦੀ ਤਿਆਰੀ ਖਿੱਚੀ ਗਈ ਹੈ। ਜ਼ਿਕਰਯੋਗ ਹੈ ਬੀਤੇ ਕੁਝ ਦਿਨ ਪਹਿਲਾਂ ਈਡੀ ਨੇ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ 'ਚ ਨੋਟਿਸ ਜਾਰੀ ਕੀਤਾ ਸੀ। 


ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਸ਼ਨਲ ਹੈਰਾਲਡ' ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤਾਜ਼ਾ ਸੰਮਨ ਜਾਰੀ ਕੀਤਾ ਸੀ। ਉਹਨਾਂ ਨੂੰ 23 ਜੂਨ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੋਨੀਆ ਗਾਂਧੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੈ। ਇਸ ਕਾਰਨ ਉਨ੍ਹਾਂ ਨੇ ਈਡੀ ਤੋਂ ਸਮਾਂ ਮੰਗਿਆ ਸੀ।


ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਕਥਿਤ ਮਨੀ ਲਾਂਡਰਿੰਗ ਦੇ ਇਸੇ ਮਾਮਲੇ ਵਿੱਚ ਈਡੀ ਨੇ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਈਡੀ ਨੇ ਪਹਿਲਾਂ ਰਾਹੁਲ ਗਾਂਧੀ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਉਨ੍ਹਾਂ ਨੇ ਪੇਸ਼ ਹੋਣ ਲਈ ਕਿਸੇ ਹੋਰ ਤਰੀਕ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਉਹ ਦੇਸ਼ ਤੋਂ ਬਾਹਰ ਹਨ।


ਇਹ ਮਾਮਲਾ ਪਾਰਟੀ ਸਮਰਥਿਤ ‘ਯੰਗ ਇੰਡੀਅਨ’ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਨਾਲ ਸਬੰਧਤ ਹੈ। ਨੈਸ਼ਨਲ ਹੈਰਾਲਡ ਐਸੋਸੀਏਟਿਡ ਜਰਨਲਜ਼ ਲਿਮਿਟੇਡ (ਏਜੇਐਲ) ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦੀ ਮਲਕੀਅਤ ਹੈ।


ਈਡੀ ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ।