SGPC News: ਕਲਕੱਤਾ ਦੀਆਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਵਿਰੁੱਧ ਮਤਾ ਪਾਸ ਕਰਦਿਆਂ ਸੁਪਰੀਮ ਸਿੱਖ ਸੰਸਥਾ ਨਾਲ ਹਰ ਪੱਧਰ 'ਤੇ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ।
ਇਹ ਮਤਾ ਕਲਕੱਤਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਪਾਸ ਕੀਤਾ ਗਿਆ ਜਿਸ ਨੂੰ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ।
ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਵਿਸ਼ੇਸ਼ ਮਤੇ ਵਾਸਤੇ ਕਲਕੱਤਾ ਦੇ ਸਿੱਖ ਆਗੂਆਂ ਦਾ ਧੰਨਵਾਦ ਕੀਤਾ।
ਸਮਾਗਮ ਦੌਰਾਨ ਸਮੂਹ ਗੁਰਦਵਾਰਾ ਕਮੇਟੀਆਂ ਵੱਲੋਂ ਪਾਸ ਕੀਤੇ ਮਤੇ ਵਿੱਚ ਆਖਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਰਬ ਉਚ ਸੰਸਥਾ ਹੈ ਜਿਸ ਦੀ ਮਜ਼ਬੂਤੀ ਲਈ ਕਲਕੱਤਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਚਨਬੱਧ ਹਨ। ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਕੌਮ ਨੂੰ ਕਮਜ਼ੋਰ ਕਰਨਾ ਹੈ। ਇਸ ਲਈ ਕਲਕੱਤਾ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਸ਼੍ਰੋਮਣੀ ਕਮੇਟੀ ਦੇ ਨਾਲ ਹਨ।
ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਦਸਤਖ਼ਤੀ ਮੁਹਿੰਮ ਪੂਰੇ ਸੂਬੇ ਅੰਦਰ ਫੈਲਾਉਣ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ, ਜਿਸ ਦੀ ਸ਼ੁਰੂਆਤ ਕਰਦਿਆਂ ਸਮਾਗਮ ਵਿਚ ਸ਼ਾਮਲ ਸੰਗਤਾਂ ਪਾਸੋਂ ਵੱਡੀ ਗਿਣਤੀ ਵਿਚ ਪ੍ਰੋਫਾਰਮੇ ਭਰਵਾਏ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਪ੍ਰਤੀ ਕਲਕੱਤਾ ਦੀਆਂ ਸੰਗਤਾਂ ਦੀ ਪ੍ਰਤੀਬੱਧਤਾ ਵੱਡੇ ਮਹੱਤਵ ਵਾਲੀ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ।
ਗਰੇਵਾਲ ਨੇ ਆਖਿਆ ਕਿ ਭਾਰਤ ਦੀ ਆਜ਼ਾਦੀ ਦੇ ਘੋਲ ਵਿਚ ਵੱਡੀ ਸ਼ਮੂਲੀਅਤ ਦੇ ਨਾਲ ਨਾਲ ਦੁਨੀਆਂ ਭਰ ਵਿੱਚ ਸਿੱਖਾਂ ਨੇ ਮਾਨਵ ਭਲਾਈ ਲਈ ਅਹਿਮ ਸੇਵਾਵਾਂ ਦਿੱਤੀਆਂ ਹਨ ਪਰ ਦੁੱਖ ਦੀ ਗੱਲ ਹੈ ਕੀ ਸਰਕਾਰਾਂ ਵੱਲੋਂ ਸਿੱਖਾਂ ਦੇ ਮਸਲਿਆਂ ਨੂੰ ਜਾਣ-ਬੁੱਝ ਕੇ ਤਵੱਜੋ ਨਹੀਂ ਦਿੱਤੀ ਜਾਂਦੀ। ਦੇਸ਼ ਦੀਆਂ ਸਰਕਾਰਾਂ ਸਿੱਖਾਂ ਪ੍ਰਤੀ ਨਾਕਾਰਾਤਮਕ ਰਵਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦਾ ਸਭ ਤੋਂ ਅਹਿਮ ਸਿੱਖ ਮਸਲਾ ਬੰਦੀ ਸਿੰਘਾਂ ਦੀ ਰਿਹਾਈ ਦਾ ਹੈ, ਜਿਸ ਪ੍ਰਤੀ ਭਾਰਤ ਅਤੇ ਸਬੰਧਤ ਸੂਬਾ ਸਰਕਾਰਾਂ ਨਿਆਂ ਨਹੀਂ ਦੇ ਰਹੀਆਂ। ਉਨ੍ਹਾਂ ਆਖਿਆ ਕਿ ਹੁਣ ਪੂਰੇ ਦੇਸ਼ ਅੰਦਰ ਲੋਕ ਲਹਿਰ ਬਣ ਚੁੱਕੀ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ਤੇ ਝੁੱਕਣਾ ਹੀ ਪਵੇਗਾ।
ਆਪਣੇ ਸੰਬੋਧਨ ਦੌਰਾਨ ਭਾਈ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਈ 1 ਲੱਖ ਰੁਪਏ ਦੀਆਂ ਧਾਰਮਿਕ ਪੁਸਤਕਾਂ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਿੰਘ ਸਭਾ ਲਹਿਰ ਦੇ ਆ ਰਹੇ 150ਵੇਂ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਪੱਧਰ ਤੇ ਸਹਿਯੋਗ ਕਰਨ ਦਾ ਵੀ ਭਰੋਸਾ ਦਿੱਤਾ।
ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਬੰਗਾਲ ਦੇ ਕੈਬਨਟ ਮੰਤਰੀ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ ਕੀਤਾ। ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਕੂੰਜਾਂ ਵੱਖ-ਵੱਖ ਉਸਾਰੀਆਂ ਦਾ ਉਦਘਾਟਨ ਵੀ ਕੀਤਾ ਗਿਆ।