ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਵੱਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗ਼ਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੇਡਾ ਵਿੱਚ ਸਮਾਗਮ ਬਾਅਦ ਦਿੱਤੀ। 


ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਨਿਵੇਸ਼ਕਾਂ ਨੂੰ ਇੱਕ ਵਿਆਪਕ ਪ੍ਰਣਾਲੀ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵੱਲੋਂ ਤਿਆਰ ਕੀਤੀ ਜਾ ਰਹੀ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।


ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ 'ਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਵਾਲੇ 42 ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਗਏ ਹਨ ਅਤੇ ਕੁੱਲ 33.23 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਹਾਲ ਹੀ ਵਿਚ ਸੰਗਰੂਰ ਦੇ ਪਿੰਡ ਭੁਟਾਲ ਕਲਾਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ। ਇਨ੍ਹਾਂ ਸਾਰੇ ਸੀ.ਬੀ.ਜੀ. ਪਲਾਂਟਾਂ ਦੇ ਕਾਰਜਸ਼ੀਲ ਹੋਣ ‘ਤੇ ਸਾਲਾਨਾ ਘੱਟੋ-ਘੱਟ 5 ਲੱਖ ਟਨ ਫਰਮੈਂਟਿਡ ਆਰਗੈਨਿਕ ਖਾਦ (ਐਫਓਐਮ) ਪੈਦਾ ਹੋਣ ਦੀ ਉਮੀਦ ਹੈ।


ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਸ ਖਾਦ ਦੀ ਵਰਤੋਂ ਜ਼ਮੀਨ ਦੇ ਪੌਸ਼ਟਿਕ ਤੱਤਾਂ, ਉਪਜ, ਪੌਸ਼ਟਿਕ ਗੁਣਾਂ, ਫਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰੇਗੀ ਅਤੇ ਜਿਣਸ ਦੀ ਜੈਵਿਕ ਤੇ ਅਜੈਵਿਕ ਤੱਤਾਂ ਪ੍ਰਤੀ ਸਹਿਣਸ਼ੀਲਤਾ ਨੂੰ ਵਧਾਏਗੀ। ਇਸ ਦੇ ਨਾਲ ਹੀ ਇਹ ਭਾਰੀ ਧਾਤਾਂ ਦੇ ਰਲਾਅ ਨੂੰ ਰੋਕਣ ਦੇ ਨਾਲ-ਨਾਲ ਸਥਾਨਕ ਉਦਯੋਗਾਂ ਨੂੰ ਵੀ ਹੁਲਾਰਾ ਦੇਵੇਗੀ।


 ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਨਾਲ ਨਾ ਸਿਰਫ਼ ਕਿਸਾਨਾਂ ਨੂੰ ਚੰਗੀ ਕਿਸਮ ਦੀ ਜੈਵਿਕ ਖਾਦ ਮਿਲੇਗੀ ਸਗੋਂ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇਹ ਸੜਕਾਂ, ਰੇਲਵੇ, ਸਹਾਇਕ ਉਦਯੋਗਾਂ, ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਸਾਫ਼ ਅਤੇ ਸਵੱਛ ਊਰਜਾ ਨੂੰ ਯਕੀਨੀ ਬਣਾਉਣਗੇ। 


ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਨੂੰ ਪੇਡਾ/ਸੀ.ਬੀ.ਜੀ. ਪ੍ਰਾਜੈਕਟ ਡਿਵੈੱਲਪਰਾਂ ਨਾਲ ਮਿਲ ਕੇ ਇਸ ਸਬੰਧੀ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪੀਏਯੂ ਅਤੇ ਗਡਵਾਸੂ ਨੂੰ ਫਰਮੈਂਟਿਡ ਆਰਗੈਨਿਕ ਖਾਦ ਦੀ ਜਾਂਚ, ਗਰੇਡਿੰਗ, ਪ੍ਰਮਾਣੀਕਰਣ ਅਤੇ ਮਾਰਕੀਟਿੰਗ ਦੇ ਰੂਪ ਵਿੱਚ ਸਰਗਰਮ ਸਹਿਯੋਗ ਦੇਣ ਲਈ ਵੀ ਕਿਹਾ।