Punjab News: ਭਾਰਤੀ ਜਨਤਾ ਪਾਰਟੀ (BJP) ਦੇ ਪੰਜਾਬ ਪ੍ਰਧਾਨ ਸੁਨੀਲ ਜਖੜ ਨੇ ਸੂਬੇ ਵਿੱਚ ਕਾਨੂੰਨ ਵਿਵਥਾ ਦੀ ਖਰਾਬ ਹਾਲਤ 'ਤੇ ਤਿੱਖੀ ਟਿੱਪਣੀ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ, ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ, ਨੂੰ ਧਮਕੀਆਂ ਦਿੱਤੇ ਜਾਣ ਦੀ ਘਟਨਾ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ।
ਸੋਸ਼ਲ ਮੀਡੀਆ ਉੱਤੇ ਪੋਸਟ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਅਪਰਾਧੀ ਖੁੱਲ੍ਹੇ ਆਮ ਇਸ ਪਵਿੱਤਰ ਸਥਾਨ ਨੂੰ ਧਮਕੀਆਂ ਦੇ ਰਹੇ ਹਨ। ਜਾਖੜ ਨੇ ਦੱਸਿਆ ਕਿ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਧਾਰਮਿਕ ਬੇਅਦਬੀਆਂ ਖਿਲਾਫ਼ ਇੱਕ ਬਿੱਲ ਲਿਆਂਗਾ ਗਿਆ ਸੀ, ਪਰ ਅਸਲੀ ਹਾਲਾਤ ਇਹ ਧਮਕੀਆਂ ਸਾਫ਼ ਕਰ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਪੰਜਾਬ ਇੱਕ ਸਰਹੱਦੀ ਰਾਜ ਹੋਣ ਕਰਕੇ ਗੁਆਂਢੀ ਮੁਲਕ ਵੱਲੋਂ ਮਹੌਲ ਨੂੰ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਹਮੇਸ਼ਾ ਚੱਲਦੀਆਂ ਰਹਿੰਦੀਆਂ ਹਨ। ਇਸ ਲਈ, ਉਨ੍ਹਾਂ ਸੂਬਾ ਸਰਕਾਰ ਨੂੰ ਸਮੇਂ ਸਮੇਂ 'ਤੇ ਗਲਤ ਅਨਸਰਾਂ 'ਤੇ ਕਾਬੂ ਪਾਉਣ ਅਤੇ ਜ਼ਰੂਰਤ ਪੈਣ 'ਤੇ ਕੇਂਦਰੀ ਏਜੰਸੀਆਂ ਦੀ ਮਦਦ ਲੈਣ ਦੀ ਸਲਾਹ ਦਿੱਤੀ।
ਜਖੜ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਹੀਆਂ ਅਪਰਾਧਕ ਘਟਨਾਵਾਂ ਅਤੇ ਸੁਰੱਖਿਆ ਨਾਲ ਜੁੜੀਆਂ ਸਮੱਸਿਆਵਾਂ ਸੂਬਾ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਪ੍ਰਤੀਕ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ, ਤਾਂ ਇਹ ਸਮੱਸਿਆਵਾਂ ਹੋਰ ਵੱਡਾ ਰੂਪ ਧਾਰ ਲੈ ਸਕਦੀਆਂ ਹਨ।
ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਈਮੇਲ 'ਤੇ ਆਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਈਪਾਂ ਵਿੱਚ RDX ਭਰਕੇ ਧਮਾਕੇ ਕੀਤੇ ਜਾਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਨਾ ਤਾਂ ਮੇਲ ਅਤੇ ਨਾ ਹੀ ਇਸ ਵਿੱਚ ਲਿਖੇ ਸ਼ਬਦ ਜਨਤਕ ਕੀਤੇ ਗਏ ਹਨ।
ਇਸ ਦੇ ਨਾਲ ਹੀ, SGPC ਅਤੇ ਅੰਮ੍ਰਿਤਸਰ ਪੁਲਿਸ ਵੀ ਅਲਰਟ 'ਤੇ ਹੈ। BSF ਅਤੇ ਪੁਲਿਸ ਕਮਾਂਡੋ ਤਾਇਨਾਤ ਕੀਤੇ ਗਏ ਹਨ। ਹਰ ਆਉਣ ਵਾਲੇ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ, ਸੋਮਵਾਰ ਅਤੇ ਮੰਗਲਵਾਰ ਨੂੰ ਵੀ ਮੇਲ ਭੇਜ ਕੇ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।