Punjab News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਜਨਰਲ ਹਾਊਸ ਦੀ ਮੀਟਿੰਗ ਬੁਲਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿਚ ਸਮੂਹ ਵਕੀਲਾਂ ਨੇ ਸ਼ਮੂਲੀਅਤ ਕੀਤੀ। 


ਬੀਤੇ ਕੁਝ ਦਿਨ ਪਹਿਲਾਂ ਐੱਨ ਆਈ ਏ ਵੱਲੋਂ ਐਡਵੋਕੇਟ ਗੁਰਪ੍ਰੀਤ ਸਿੰਘ ਦੇ ਘਰ ਕੀਤੀ ਛਾਪੇਮਾਰੀ ਦੀ ਨਿਖੇਧੀ ਕਰਨ ਤੋਂ ਬਾਅਦ ਫ਼ੈਸਲਾ ਲਿਆ ਗਿਆ ਕਿ ਅਣ ਮਿੱਥੇ ਸਮੇਂ ਲਈ ਬਠਿੰਡਾ ਦੇ ਵਕੀਲ ਜ਼ਿਲ੍ਹਾ ਅਦਾਲਤ ਵਿੱਚ ਹਾਜ਼ਰ ਨਹੀਂ ਹੋਣਗੇ ਤੇ ਰੋਜਾਨਾ 11 ਤੋਂ 1 ਵਜੇ ਤੱਕ ਧਰਨਾ ਲਗਾ ਕੇ ਪ੍ਰਦਰਸ਼ਨ ਕਰਨਗੇ।


ਉਨ੍ਹਾਂ ਕਿਹਾ ਐਨਆਈਏ ਐਡਵੋਕੇਟ ਗੁਰਪ੍ਰੀਤ ਸਿੰਘ ਬਾਰੇ ਆਪਣਾ ਰੁਖ਼ ਸਪੱਸ਼ਟ ਕਰੇ ਤੇ ਜੋ ਮੋਬਾਈਲ ਜ਼ਬਤ ਕੀਤਾ ਹੈ ਉਸ ਨੂੰ ਵਾਪਸ ਕਰੇ। ਉਨ੍ਹਾਂ ਕਿਹਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ ਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। 


ਮਹਿਲਾ ਵਕੀਲ ਦੇ ਘਰ ਐਨਆਈਏ ਦੇ ਛਾਪੇ 'ਤੇ ਪਿਆ ਪੁਆੜਾ, ਹਾਈਕੋਰਟ ਤੇ ਜ਼ਿਲ੍ਹਾ ਅਦਾਲਤ 'ਚ ਕੰਮ ਠੱਪ


ਪੰਜਾਬ ਦੇ ਨਾਮੀ ਗੈਂਗਸਟਰਾਂ ਦੇ ਕੇਸਾਂ ਦੀ ਪੈਰਵੀ ਕਰ ਰਹੀ ਮਹਿਲਾ ਵਕੀਲ ਦੇ ਚੰਡੀਗੜ੍ਹ ਸਥਿਤ ਘਰ ਤੇ ਦਫ਼ਤਰ ਵਿੱਚ ਐਨਆਈਏ ਵੱਲੋਂ ਛਾਪੇਮਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੰਮ ਠੱਪ ਹੈ। ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਨੇ ਸੋਮਵਾਰ ਨੂੰ ਦੁਪਹਿਰ ਦੇ ਖਾਣੇ ਤੋਂ ਬਾਅਦ ਅਦਾਲਤੀ ਕਾਰਵਾਈ ਅਗਲੇ ਹੁਕਮਾਂ ਤੱਕ ਠੱਪ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦਾ ਕੰਮ ਵੀ ਬੰਦ ਹੈ। 


ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਦੀਆਂ ਅਦਾਲਤਾਂ ਵਿੱਚ ਵਕੀਲਾਂ ਨੇ ਇਸ ਛਾਪੇਮਾਰੀ ਖ਼ਿਲਾਫ਼ ਕੰਮਕਾਜ ਠੱਪ ਕਰ ਦਿੱਤਾ ਸੀ। ਹਾਈ ਕੋਰਟ ਬਾਰ ਨੇ ਕਿਹਾ ਹੈ ਕਿ ਇਸ ਤਰ੍ਹਾਂ ਕਿਸੇ ਏਜੰਸੀ ਵੱਲੋਂ ਵਕੀਲ ਦੇ ਕੰਮ ਵਿੱਚ ਦਖ਼ਲ ਦੇਣਾ ਗ਼ਲਤ ਹੈ। ਇਹ ਐਡਵੋਕੇਟਸ ਐਕਟ, 1961 ਤੇ ਐਵੀਡੈਂਸ ਐਕਟ ਦੇ ਵੀ ਵਿਰੁੱਧ ਹੈ।