ਚੰਡੀਗੜ੍ਹ -  ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।



ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਾਸੀ ਗਗਨਵੀਰ ਸਿੰਘ ਉਰਫ਼ ਰਾਜਨ ਵਾਸੀ ਬੁੜੈਲ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .32 ਬੋਰ ਦੇ ਚੀਨੀ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਦੋ ਖਾਲੀ ਖੋਲ ਬਰਾਮਦ ਕੀਤੇ।


ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬਲਟਾਣਾ ਵਿੱਚ ਇੱਕ ਸਕਰੈਪ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਸੰਤੋਸ਼ ਕੁਮਾਰ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ।




ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਅਤੇ ਟੀਮ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਗਗਨਵੀਰ ਰਾਜਨ ਦੀ ਪਛਾਣ ਕੀਤੀ।


ਬਲਟਾਣਾ ਦੀ ਸੁਖਨਾ ਨਹਿਰ ਨੇੜੇ ਕਿਸੇ ਟਿਕਾਣੇ ’ਤੇ ਮੁਲਜ਼ਮ ਦੇ ਲੁਕੇ ਹੋਣ ਸਬੰਧੀ ਮਿਲੀ ਸੂਚਨਾ ’ਤੇ ਕਾਰਵਾਈ ਕਰਦਿਆਂ ਡੀਐਸਪੀ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਪਿੱਛਾ ਕੀਤਾ ਅਤੇ ਹੋਟਲ ਕਲਾਰਕਸ ਇਨ ਪਿਛਲੇ ਪਾਸੇ ਮੁਲਜ਼ਮ ਗਗਨਵੀਰ ਦੇ ਇੱਕ ਸਾਥੀ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੁਲਿਸ ਨੇ ਵੀ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ।


ਡੀਜੀਪੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਰਾਜਨ ਦੀ ਲੱਤ ਵਿੱਚ ਗੋਲੀ ਲੱਗੀ, ਜਦੋਂ ਕਿ ਉਸ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।




ਐਸਐਸਪੀ ਮੁਹਾਲੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਗਗਨਵੀਰ ਰਾਜਨ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਇਸ ਸਬੰਧੀ ਐਫਆਈਆਰ 301 ਮਿਤੀ 13-10-2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਜ਼ੀਰਕਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਪੀੜਤ ਦੀ ਮੌਤ ਤੋਂ ਉਪਰੰਤ ਇਸ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 302 ਨੂੰ ਵੀ ਸ਼ਾਮਲ ਕੀਤਾ ਗਿਆ ਹੈ।