ਮਰਸਡੀਜ਼ 'ਚ ਆਟਾ-ਦਾਲ ਸਕੀਮ ਤਹਿਤ ਰਾਸ਼ਨ ਲੈਣ ਆਏ ਬੰਦੇ ਨੇ ਪਾਇਆ ਪੁਆੜਾ, ਹੁਣ ਕਈਆਂ ਦੇ ਕਾਰਡ ਹੋਣਗੇ ਰੱਦ
ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਟਾ-ਦਾਲ ਸਕੀਮ ਤਹਿਤ ਸਸਤਾ ਰਾਸ਼ਨ ਮਰਸਡੀਜ਼ ਕਾਰ ਵਿੱਚ ਲੈਣ ਆਏ ਬੰਦੇ ਨੇ ਨਵਾਂ ਪੁਆੜਾ ਛੇੜ ਦਿੱਤਾ ਹੈ। ਮਹਿੰਗੀ ਗੱਡੀ ਵਿੱਚ ਰਾਸ਼ਨ ਲੈ ਕੇ ਜਾਣ ਸਬੰਧੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ।
ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਟਾ-ਦਾਲ ਸਕੀਮ ਤਹਿਤ ਸਸਤਾ ਰਾਸ਼ਨ ਮਰਸਡੀਜ਼ ਕਾਰ ਵਿੱਚ ਲੈਣ ਆਏ ਬੰਦੇ ਨੇ ਨਵਾਂ ਪੁਆੜਾ ਛੇੜ ਦਿੱਤਾ ਹੈ। ਮਹਿੰਗੀ ਗੱਡੀ ਵਿੱਚ ਰਾਸ਼ਨ ਲੈ ਕੇ ਜਾਣ ਸਬੰਧੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਲਈ ਅਗਲੇ ਸਮੇਂ ਵਿੱਚ ਕਈਆਂ ਦੇ ਕਾਰਡ ਰੱਦ ਹੋ ਸਕਦੇ ਹਨ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਣ ਵਾਲੇ ਲਾਭਪਾਤਰੀਆਂ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਾਜਾਇਜ਼ ਰਾਸ਼ਨ ਲੈ ਰਹੇ ਲੋਕਾਂ ਨੂੰ ਇਸ ਸਕੀਮ ਤੋਂ ਬਾਹਰ ਕੱਢਿਆ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਨਵੇਂ ਸਿਰੇ ਤੋਂ ਕਰਵਾਈ ਜਾਵੇਗੀ, ਜਿਸ ਤਹਿਤ ਵਿਭਾਗ ਦੇ ਆਰਸੀਐਮਐਸ ਪੋਰਟਲ ’ਤੇ ਮੌਜੂਦ ਹਰ ਸ਼੍ਰੇਣੀ ਦੇ ਲਾਭਪਾਤਰੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ ਅਯੋਗ ਲਾਭਪਾਤਰੀਆਂ ਦੇ ਨਾਮ ਤੇ ਕਾਰਡ ਕੱਟੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਨਾਖਤ ਦਾ ਕੰਮ ਸੂਬੇ ਭਰ ਵਿੱਚ ਸਬੰਧਤ ਡਿਪਟੀ ਕਮਿਸ਼ਨਰਾਂ ਤੇ ਐਸਡੀਐਮਜ਼ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ।
ਇਸ ਲਈ ਕਮੇਟੀਆਂ ਵੀ ਗਠਿਤ ਕੀਤੀਆਂ ਜਾਣਗੀਆਂ। ਪੇਂਡੂ ਹਲਕਿਆਂ ’ਚ ਮਾਲ ਪਟਵਾਰੀ ਤੇ ਡੀਸੀ ਵੱਲੋਂ ਨਾਮਜ਼ਦ ਕੋਈ ਇਕ ਅਧਿਕਾਰੀ ਕਮੇਟੀ ਦਾ ਮੈਂਬਰ ਬਣ ਸਕਦਾ ਹੈ। ਸ਼ਹਿਰੀ ਹਲਕਿਆਂ ਲਈ ਸਬੰਧਤ ਕਾਰਜਸਾਧਕ ਅਫ਼ਸਰ, ਕਮਿਸ਼ਨਰ ਮਿਉਂਸਿਪਲ ਕਾਰਪੋਰੇਸ਼ਨ ਜਾਂ ਉਨ੍ਹਾਂ ਦੇ ਪ੍ਰਤੀਨਿਧੀ ਤੇ ਸਬੰਧਤ ਜੀਓਜੀ ਮੈਂਬਰ ਕਮੇਟੀਆਂ ਦੇ ਮੈਂਬਰ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅਯੋਗ ਪਾਏ ਜਾਣ ਵਾਲੇ ਲਾਭਪਾਤਰੀਆਂ ਦੇ ਨਾਮ ਕੱਟੇ ਜਾਣ ਦੇ ਕਾਰਨ ਸਪਸ਼ਟ ਕੀਤੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :