(Source: ECI/ABP News)
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੋਰਚੇ 'ਚ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ, ਭਲਕੇ ਸਾੜੇ ਜਾਣਗੇ ਸਰਕਾਰ ਦੇ ਪੁਤਲੇ
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤਹਿਸੀਲ ਕੰਪਲੈਕਸ ਦੀਆਂ ਬਿਲਡਿੰਗਾਂ ਦੀ ਹਾਲਤ ਸੁਧਾਰਨ ਤੇ ਪੈਸਾ ਲਾਉਣ ਦਾ ਫੈਸਲਾ ਕਰ ਰਹੀ ਹੈ ਜਦ ਕਿ ਲੋਕਾਂ ਦੀਆਂ ਦਫਤਰਾਂ ਨਾਲ ਸਬੰਧਤ ਮੁਸ਼ਕਲਾਂ ਓਵੇਂ ਦੀਆਂ ਓਵੇਂ ਬਣੀਆਂ ਹੋਈਆਂ ਹਨ,
![ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੋਰਚੇ 'ਚ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ, ਭਲਕੇ ਸਾੜੇ ਜਾਣਗੇ ਸਰਕਾਰ ਦੇ ਪੁਤਲੇ The Martyrdom Day of Sri Guru Teg Bahadur Ji was celebrated in the Kisan Mazdoor organization ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੋਰਚੇ 'ਚ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ, ਭਲਕੇ ਸਾੜੇ ਜਾਣਗੇ ਸਰਕਾਰ ਦੇ ਪੁਤਲੇ](https://feeds.abplive.com/onecms/images/uploaded-images/2022/11/28/867838063c2fa2019a24ab842b18215e1669622054995370_original.jpeg?impolicy=abp_cdn&imwidth=1200&height=675)
Punjab News: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫਤਰਾਂ ਅੱਗੇ ਧਰਨੇ ਲਾਏ ਜਾ ਰਹੇ ਹਨ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਕਰ ਰਹੇ ਹਨ।
ਦੱਸ ਦਈਏ ਕਿ ਇਹ ਧਰਨੇ 26 ਨਵੰਬਰ ਤੋਂ ਸ਼ੁਰੂ ਕੀਤੇ ਗਏ ਹਨ ਜਿਸ ਵਿੱਚ ਅੱਜ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਮਨਾਇਆ ਗਿਆ। ਇਸ ਮੌਕੇ ਮੋਰਚੇ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ, ਕੀਰਤਨ ਦਰਬਾਰ ਕਰਵਾਏ ਗਏ।
ਇਸ ਸਮਾਗਮ ਤੋਂ ਬਾਅਦ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਲੋਕਾਂ ਦੇ ਅਧਿਕਾਰਾਂ ਦੀ ਲੜਾਈ ਲੜਦੇ ਹੋਏ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਮਿਸਾਲ ਪੈਦਾ ਕੀਤੀ ਸੀ ਅੱਜ ਸਭ ਨੂੰ ਉਨ੍ਹਾਂ ਵੱਲੋਂ ਦਿੱਤੇ ਮਾਨਵਤਾ ਦੇ ਸੰਦੇਸ਼ ਤੇ ਪਹਿਰਾ ਦੇਣ ਦੀ ਜ਼ਰੂਰਤ ਹੈ।ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਜਥੇਬੰਦੀ ਉਨ੍ਹਾਂ ਦੇ ਇਸ ਸੰਦੇਸ਼ ਤੋਂ ਸਿੱਖਿਆ ਲੈਂਦੇ ਹੋਏ ਲੋਕਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਲੜਾਈ ਲੜਨ ਲਈ ਯਤਨਸ਼ੀਲ ਹੈ।
ਕਿਸਾਨ ਮੋਰਚੇ ਵਿੱਚ ਮੌਜੂਦ ਕਿਸਾਨ ਮਜ਼ਦੂਰ ਅਤੇ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਕਿਹਾ ਕਿ ਤੇ ਪੰਜਾਬ ਸਰਕਾਰ ਤਹਿਸੀਲ ਕੰਪਲੈਕਸ ਦੀਆਂ ਬਿਲਡਿੰਗਾਂ ਦੀ ਹਾਲਤ ਸੁਧਾਰਨ ਤੇ ਪੈਸਾ ਲਾਉਣ ਦਾ ਫੈਸਲਾ ਕਰ ਰਹੀ ਹੈ ਜਦ ਕਿ ਲੋਕਾਂ ਦੀਆਂ ਦਫਤਰਾਂ ਨਾਲ ਸਬੰਧਤ ਮੁਸ਼ਕਲਾਂ ਓਵੇਂ ਦੀਆਂ ਓਵੇਂ ਬਣੀਆਂ ਹੋਈਆਂ ਹਨ, ਲੋਕ ਖ਼ਜਲ ਖੁਆਰ ਹੋ ਰਹੇ ਹਨ ਸਰਕਾਰ ਨੂੰ ਚਾਹੀਦਾ ਸੀ ਕਿ ਪਹਿਲਾਂ ਇਸ 'ਤੇ ਕਾਬੂ ਕਰੇ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਜ਼ਿੰਮੇਵਾਰ ਚਿਹਰੇ ਗੁਜਰਾਤ ਅਤੇ ਹੋਰ ਸਟੇਟਾਂ ਦੀਆਂ ਚੋਣਾਂ ਵਿੱਚ ਕੂੜ ਪ੍ਰਚਾਰ ਵਿੱਚ ਲੱਗੇ ਹੋਏ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਾਈਵੇਟ ਸੈਕਟਰ ਦੀਆਂ ਸਿਫਤਾਂ ਦੇ ਪੁਲ ਬੰਨ੍ਹਣ ਤੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਬਿਆਨ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਅਤੇ ਪਬਲਿਕ ਸੈਕਟਰ ਨੂੰ ਕਮਜ਼ੋਰ ਤੇ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਵਾਲਾ ਹੈ ਤੇ ਜਥੇਬੰਦੀ ਉਨ੍ਹਾਂ ਦੇ ਇਸ ਬਿਆਨ ਦੀ ਨਿੰਦਾ ਕਰਦੀ ਹੈ।
ਆਪਣੀ ਅਗਲੇਰੀ ਰਣਨੀਤੀ ਬਾਬਤ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ 29 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਪੰਜਾਬ ਭਗਵੰਤ ਮਾਨ ਸਰਕਾਰ ਦੇ ਖਿਲਾਫ ਪੁਤਲੇ ਫੂਕ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਮੋਰਚੇ ਨੂੰ ਲੈ ਕੇ ਉਤਸ਼ਾਹ ਹਰ ਦਿਨ ਵੱਧ ਰਿਹਾ ਹੈ ਅਤੇ ਹੱਕੀ ਮੰਗਾਂ ਪੂਰੀਆਂ ਹੋਣ ਤੱਕ ਮੋਰਚਾ ਲਗਾਤਾਰ ਜਾਰੀ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)