Punjab News: ਭਾਰਤ ਦੇਸ਼ ਮਹਾਨ ਵਿੱਚ ਇਸ ਵੇਲੇ ਮੈਚ ਦੇਖਣ ਨੂੰ ਦੇਸ਼ਭਗਤੀ ਨਾਲ ਜੋੜਿਆ ਜਾ ਰਿਹਾ ਹੈ ਤੇ ਜਿਨਾਂ ਨੇ ਇਹ ਮੈਚ ਦੇਖੇ ਹਨ ਉਨ੍ਹਾਂ ਨੂੰ ਵਿਵਦਾਨਾਂ ਵੱਲੋਂ ਗੱਦਾਰੀ ਦੇ ਸਰਟੀਫਿਕੇਟ ਵੀ ਵੰਡੇ ਜਾ ਰਹੇ ਹਨ ਪਰ ਇਸ ਸਭ ਦੇ ਦੌਰਾਨ ਭਾਰਤ ਤੇ ਪਾਕਿਸਤਾਨ ਦਾ ਮੈਚ ਸ਼ਾਨੋ ਸ਼ੌਕਤ ਨਾਲ ਹੋਇਆ ਤੇ ਅਖੀਰ ਵਿੱਚ ਹੱਥ ਨਾ ਮਿਲਾਉਣ ਨੂੰ ਲੈ ਕੇ ਵੱਡਾ ਹਊਆ ਬਣਾਇਆ ਗਿਆ ਤੇ ਇਸ ਨੂੰ ਪਾਕਿਸਤਾਨ ਦੇ ਮੂੰਹ ਤੇ ਕਰਾਰੀ ਚਪੇੜ ਦੱਸਿਆ ਜਾ ਰਿਹਾ ਹੈ ਪਰ ਸਮਝ ਨਹੀਂ ਆ ਰਿਹਾ ਕਿ ਆਖ਼ਰ ਇਹ ਲੋਕ ਕਿਸ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੇ ਹਨ
ਜੇ ਗੱਲ ਹੁਣ ਪੰਜਾਬ ਦੀ ਕਰੀਏ ਤਾਂ ਦੇਸ਼ ਦੇ ਬਹੁਗਿਣਤੀ ਹਿੱਸੇ ਨੇ ਦਿਲਜੀਤ ਦੀ ਫਿਲਮ ਨੂੰ ਲੈ ਕੇ ਗੱਦਾਰ ਕਹਿਣਾ ਸ਼ੁਰੂ ਕਰ ਦਿੱਤਾ ਸੀ, ਇਹ ਕੋਈ ਨਵੀਂ ਗੱਲ ਵੀ ਨਹੀਂ, ਕਿਉਂਕਿ ਪੰਜਾਬੀਆਂ ਉੱਤੇ ਅਕਸਰ ਗੱਦਾਰ ਤੇ ਖਾਲਿਸਤਾਨੀ ਹੋਣ ਦਾ ਠੱਪਾ ਲਾਇਆ ਜਾਂਦਾ ਹੈ, ਇਹ ਤਾਂ ਫਿਲਮ ਦੀ ਗੱਲ ਹੈ ਇਸ ਦੀ ਸਭ ਤੋਂ ਵੱਡੀ ਮਿਸਾਲ ਅਸੀਂ ਕਿਸਾਨੀ ਅੰਦੋਲਨ ਵਿੱਚ ਵੀ ਦੇਖੀ ਹੈ। ਇਸ ਵਿੱਚ ਲੀਡਰਾਂ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਮੀਡੀਆ ਵੱਲ਼ੋਂ ਵੀ ਇਹੀ ਪ੍ਰਚਾਰਿਆ ਗਿਆ। ਇਨ੍ਹਾਂ ਹਰਕਤਾਂ ਕਾਰਨ ਕਈ ਵਾਰ ਸਿੱਖਾਂ ਨੂੰ ਆਪਣੇ ਹੀ ਮੁਲਕ ਵਿੱਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾਂਦਾ ਹੈ।
ਹੁਣ ਇੱਕ ਹੋਰ ਤਾਜ਼ਾ ਮਾਮਲੇ ਨੇ ਇਨ੍ਹਾਂ ਜ਼ਖ਼ਮਾਂ ਨੂੰ ਕੁਰੇਦਣ ਦਾ ਕੰਮ ਕੀਤਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਸੁਰੱਖਿਆ ਦੇ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸਿੱਖਾਂ ਨੂੰ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਰੋਕ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਿੱਖਾਂ ਦੇ ਮਨਾਂ ਵਿੱਚ ਮੁੜ ਤੋਂ ਓਪਰੇਪਣ ਦਾ ਅਹਿਸਾਸ ਪੈਦਾ ਹੋ ਰਿਹਾ ਹੈ।
ਦਰਅਸਲ, ਕੇਂਦਰ ਸਰਕਾਰ ਨੇ ਇਸ ਸਾਲ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਇੱਕ ਪੱਤਰ ਲਿਖਿਆ ਹੈ ਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਇਹ ਯਾਤਰਾ ਸੰਭਵ ਨਹੀਂ ਹੈ।
ਗ੍ਰਹਿ ਮੰਤਰਾਲੇ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੀ ਯਾਤਰਾ ਦੌਰਾਨ ਸੁਰੱਖਿਆ ਖ਼ਤਰਾ ਵਧ ਸਕਦਾ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਗੁਆਂਢੀ ਦੇਸ਼ ਵਿੱਚ ਸ਼ਰਧਾਲੂਆਂ ਨੂੰ ਭੇਜਣਾ ਉਚਿਤ ਨਹੀਂ ਹੋਵੇਗਾ।
ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ, "ਇਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਹੈ। ਜਦੋਂ ਭਾਰਤ ਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚਾਂ ਲਈ ਸਬੰਧ ਬਣਾਏ ਜਾ ਸਕਦੇ ਹਨ, ਤਾਂ ਫਿਰ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਿਉਂ ਨਹੀਂ ਕਰਨ ਦਿੱਤੇ ਜਾ ਰਹੇ? "
ਸ਼੍ਰੋਮਣੀ ਕਮੇਟੀ ਅਨੁਸਾਰ, ਪਹਿਲਾਂ ਵੀ ਸਿੱਖ ਸ਼ਰਧਾਲੂਆਂ ਨੂੰ ਵਿਸ਼ੇਸ਼ ਯੋਜਨਾਵਾਂ ਤਹਿਤ ਪਾਕਿਸਤਾਨ ਜਾਣ ਦੀ ਛੋਟ ਦਿੱਤੀ ਗਈ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਭਾਰਤੀ ਸ਼ਰਧਾਲੂ ਹਿੱਸਾ ਲੈਣਾ ਚਾਹੁੰਦੇ ਸਨ।ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਆਯੋਜਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਆਗਿਆ ਦੇਵੇ। ਕਮੇਟੀ ਦਾ ਕਹਿਣਾ ਹੈ ਕਿ ਸਰਕਾਰ ਨੂੰ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।