Punjab Cabinet Meeting News : ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting ) 11 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੀਟਿੰਗ ਦਾ ਏਜੇਂਡਾ ਬਾਅਦ 'ਚ ਤੈਅ ਕੀਤਾ ਜਾਵੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਪਿਛਲੀ ਮੀਟਿੰਗ 'ਚ ਵੱਡੇ ਫੈਸਲੇ ਲਏ ਗਏ ਸਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਸੀ ਕਿ ਪੰਜਾਬ ਦੀ ਨਵੀਂ ਖੇਡ ਪਾਲਿਸੀ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡ ਪਾਲਿਸੀ ਕਈ ਸਾਲਾਂ ਤੋਂ ਪੈਂਡਿੰਗ ਸੀ।
ਆਟਾ ਤੇ ਕਣਕ ਦੀ ਹੋਵੇਗੀ ਹੋਮ ਡਿਲੀਵਰੀ
ਦੂਜੇ ਪਾਸੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕ ਕਿ ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਉੱਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ’ਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।
ਕਰੱਸ਼ਰ ਨੀਤੀ 2023 ਨੂੰ ਹਰੀ ਝੰਡੀ
ਖਪਤਕਾਰਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕੈਬਨਿਟ ਨੇ ਪੰਜਾਬ ਕਰੱਸ਼ਰ ਨੀਤੀ 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਕਰੱਸ਼ਰ ਯੂਨਿਟਾਂ ਦੀਆਂ ਦੋ ਮੁੱਖ ਸ਼੍ਰੇਣੀਆਂ ਕਮਰਸ਼ੀਅਲ ਕਰੱਸ਼ਰ ਯੂਨਿਟ (ਸੀ.ਸੀ.ਯੂ.) ਅਤੇ ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਹੋਣਗੀਆਂ। ਸਕਰੀਨਿੰਗ-ਕਮ-ਵਾਸ਼ਿੰਗ ਪਲਾਂਟ ਵੀ ਕਰੱਸ਼ਰ ਯੂਨਿਟ ਦੀ ਸ਼ੇ੍ਰਣੀ ਵਿੱਚ ਆਉਣਗੇ।
ਧਰਮੀ ਫੌਜੀਆਂ ਦੇ ਮਹੀਨਾਵਾਰ ਗੁਜ਼ਾਰਾ ਭੱਤੇ ਵਿੱਚ ਵਾਧਾ
ਕੈਬਨਿਟ ਨੇ ਸਾਕਾ ਨੀਲਾ ਤਾਰਾ ਸਮੇਂ ਪ੍ਰਭਾਵਿਤ 76 ਧਰਮੀ ਫੌਜੀਆਂ ਦਾ ਮਹੀਨਾਵਾਰ ਗੁਜ਼ਾਰਾ ਭੱਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਹ ਫੈਸਲਾ ਵਧਦੀ ਮਹਿੰਗਾਈ, ਮੌਜੂਦਾ ਹਾਲਾਤ ਅਤੇ ਇਨ੍ਹਾਂ ਧਰਮੀ ਫੌਜੀਆਂ ਦੇ ਰਹਿਣ-ਸਹਿਣ ਦੇ ਵਧੇ ਖ਼ਰਚਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।