ਅੰਮ੍ਰਿਤਸਰ: ਬੇਅਦਬੀ ਮਾਮਲਿਆਂ ਬਾਰੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਪੂਰਥਲਾ ਬੇਅਦਬੀ ਮਾਮਲੇ ਵਿੱਚ ਪੰਜਾਬ ਸਰਕਾਰ ਜਲਦ ਤੋਂ ਜਲਦ ਜਾਂਚ ਕਰੇ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਸਾਜਿਸ਼ ਹੈ ਜਿਸ ਦਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ।


ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਖਿਲਾਫ ਦਰਜ ਮੁਕੱਦਮੇ ਦੀਆਂ ਧਾਰਾਵਾਂ ਬਹੁਤ ਹੀ ਨਰਮ ਹਨ। ਇਸ ਵਿੱਚ ਮੌਤ ਦੀ ਸਜਾ ਦਾ ਪ੍ਰਵਾਧਾਨ ਕੀਤਾ ਜਾਏ ਤਾਂ ਹੀ ਇਨ੍ਹਾਂ ਘਟਨਾਵਾਂ ਵਿੱਚ ਰੁਕਾਵਟ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਸਾਜਿਸ਼ ਤਹਿਤ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਦੂ ਤੇ ਬਾਕੀ ਧਰਮਾਂ ਦੇ ਲੋਕਾਂ ਨੂੰ ਯਕੀਨ ਦਵਾਉਂਦੇ ਹਾਂ ਕਿ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ। ਸੋਸ਼ਲ ਮੀਡੀਆ ਤੇ ਭੋਰਸਾ ਨਾ ਕੀਤਾ ਜਾਏ। 



ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਨੇ ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਇਹ ਸ਼ਖਸ ਸ੍ਰੀ ਹਰਿਮੰਦਰ ਸਾਹਿਬ ਵਿੱਚ ਦਾਖਲ ਹੋਇਆ ਤੇ ਕਿਵੇਂ ਪਹੁੰਚਿਆ। ਧਾਮੀ ਨੇ ਕਿਹਾ ਕਿ ਇਸ ਪੂਰੇ ਕਾਰੇ ਪਿੱਛੇ ਬਹੁਤ ਵੱਡੀ ਸਾਜਿਸ਼ ਹੈ।


 


ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ


ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੇ ਮਾਮਲਿਆਂ ਤੇ ਦੋਸ਼ੀਆਂ ਦੇ ਕਤਲ ਦਾ ਗੰਭੀਰ ਨੋਟਿਸ ਲਿਆ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦੀ ਰਿਪੋਰਟ 26 ਦਸੰਬਰ ਤੱਕ ਮੰਗੀ ਹੈ। ਕਮਿਸ਼ਨ ਨੇ ਪੰਜਾਬ ਦੇ ਚੀਫ ਸੈਕਟਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਮੰਗੀ ਹੈ।



ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪ੍ਰੈੱਸ ਰਿਲੀਜ਼ ਜਾਰੀ ਕਰਕੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਕਥਿਤ ਬੇਅਦਬੀ ਦੇ ਮਾਮਲੇ ਤੇ ਦੋਸ਼ੀਆਂ ਦੇ ਕਥਿਤ ਕਤਲ ਗੰਭੀਰ ਮਾਮਲਾ ਹੈ। ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਇਸ ਲਈ ਪੰਜਾਬ ਦੇ ਚੀਫ ਸੈਕਟਰ ਨੂੰ ਨੋਟਿਸ ਜਾਰੀ ਕਰਕੇ 26 ਦਸੰਬਰ ਤੱਕ ਰਿਪੋਰਟ ਮੰਗੀ ਹੈ।