Punjab News:  ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਸੀ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅੰਦਰਲੀ ਗੁੱਟਬਾਜ਼ੀ ਦਾ ਨਤੀਜਾ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਦਾਅ ’ਤੇ ਲਗਾ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਿਨਾਂ ਕਿਸੇ ਸਬੂਤ ਦੇ ਬਿਆਨ ਦੇਣਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ ਕਿਉਂਕਿ ਉਹ ਵੋਟ ਬੈਂਕ ਲਈ ਇਹ ਸਭ ਕਰ ਰਹੇ ਹਨ।


ਉਨ੍ਹਾਂ ਕਿਹਾ, ਇਹ ਇੱਕ ਅਟੱਲ ਤੱਥ ਹੈ ਕਿ ਕੈਨੇਡਾ ਵਿੱਚ ਟਰੂਡੋ ਪ੍ਰਸ਼ਾਸਨ ਨੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਤਾਕਤਾਂ ਨੂੰ ਖੁੱਲ੍ਹਾ ਹੱਥ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਥੇ ਭਾਰਤੀ ਮਿਸ਼ਨਾਂ 'ਤੇ ਹਮਲੇ ਕੀਤੇ ਗਏ ਅਤੇ ਡਿਪਲੋਮੈਟਾਂ ਨੂੰ ਡਰਾਇਆ-ਧਮਕਾਇਆ ਗਿਆ ਪਰ ਕੈਨੇਡੀਅਨ ਸਰਕਾਰ ਵੱਲੋਂ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ ਗਈ। "ਕੀ ਕੈਨੇਡਾ ਦੀ ਸਰਕਾਰ ਨੇ ਉੱਥੇ ਭਾਰਤੀ ਮਿਸ਼ਨਾਂ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਕੀਤੀ ਹੈ?" ਉਨ੍ਹਾਂ ਕਿਹਾ, ਜਦਕਿ ਟਰੂਡੋ ਅਜਿਹੇ ਦੋਸ਼ ਲਗਾ ਕੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।


ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਕਿਵੇਂ ਕੈਨੇਡੀਅਨ ਜ਼ਮੀਨ ਦੀ ਭਾਰਤ ਵਿਰੁੱਧੀ ਤਾਕਤਾਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜਦੋਂ ਉਹ ਟਰੂਡੋ ਨੂੰ 2018 ਵਿੱਚ ਉਨ੍ਹਾਂ ਦੀ ਭਾਰਤੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮਿਲੇ ਸਨ, ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ।


ਕੈਨੇਡੀਅਨ ਸਰਕਾਰ ਵੱਲੋਂ ਕੋਈ ਉਪਾਅ ਕਰਨ ਦੀ ਬਜਾਏ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਵਾਧਾ ਹੀ ਹੋਇਆ ਹੈ।ਕੈਪਟਨ ਨੇ ਕਿਹਾ, ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਉਨ੍ਹਾਂ ਦੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰਨ ਦਾ ਕਾਰਨ ਇਹ ਸੀ ਕਿ ਉਹ (ਸੱਜਣ) ਵਿਸ਼ਵ ਸਿੱਖ ਸੰਗਠਨ ਨਾਲ ਜੁੜਿਆ ਹੋਇਆ ਸੀ ਜੋਕਿ ਕਾਫ਼ੀ ਸਮੇਂ ਤੋਂ ਭਾਰਤ ਵਿਰੁੱਧ ਕੰਮ ਵਿੱਚ ਲੱਗੇ ਹੋਏ ਸੀ।


ਸਾਬਕਾ ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ।