ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਡਰੱਗਜ਼ ਮਾਮਲੇ (Punjab Drugs Case) 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ (Akali Leader Bikram Majithia) ਦੀ ਪਟੀਸ਼ਨ 'ਤੇ ਵੀਰਵਾਰ 21 ਅਪ੍ਰੈਲ ਨੂੰ ਸੁਪਰੀਮ ਕੋਰਟ (Supreme Court) 'ਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਮਜੀਠੀਆ ਨੇ ਸੁਪਰੀਮ ਕੋਰਟ ਤੋਂ ਡਰੱਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। 24 ਫਰਵਰੀ ਨੂੰ ਅਕਾਲੀ ਆਗੂ ਬਿਕਰਮ ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਹਾਲਾਂਕਿ ਮਜੀਠੀਆ ਨੂੰ ਅਜੇ ਜ਼ਮਾਨਤ ਮਿਲਣੀ ਬਾਕੀ ਹੈ। ਹੇਠਲੀਆਂ ਅਦਾਲਤਾਂ ਤੋਂ ਲੈ ਕੇ ਉੱਚ ਅਦਾਲਤਾਂ ਤੱਕ ਉਸ ਦੀ ਜ਼ਮਾਨਤ ਰੱਦ ਹੋ ਗਈ ਸੀ।


ਸੁਪਰੀਮ ਕੋਰਟ 'ਚ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸਤ ਕਾਰਨ ਉਨ੍ਹਾਂ 'ਤੇ ਨਸ਼ਿਆਂ ਦਾ ਮਾਮਲਾ ਦਰਜ ਹੋਇਆ ਹੈ। ਕਾਂਗਰਸ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਇਹ ਕੇਸ ਦਰਜ ਕੀਤਾ। ਉਨ੍ਹਾਂ ਨੇ ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਬਿਆਨ ਲਗਾਏ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਕਿਵੇਂ ਕੇਸ ਦਰਜ ਕਰਨ ਲਈ ਅਫਸਰਾਂ ਦੇ ਤਬਾਦਲੇ ਕੀਤੇ ਗਏ।


ਇਸ ਦੇ ਨਾਲ ਹੀ ਮਜੀਠੀਆ ਨੇ ਖੁਦ ਦੱਸਿਆ ਹੈ ਕਿ ਪਟਿਆਲਾ ਜੇਲ੍ਹ 'ਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਸਬੰਧੀ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ। ਅਕਾਲੀ ਨੇਤਾਵਾਂ ਦਾ ਦਾਅਵਾ ਹੈ ਕਿ ਮਜੀਠੀਆ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ), ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਦੇ ਅੱਤਵਾਦੀਆਂ ਤੇ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਖ਼ਤਰਾ ਹੈ।


ਇਹ ਗੱਲ ਖੁਫੀਆ ਰਿਪੋਰਟ 'ਚ ਵੀ ਕਹੀ ਗਈ ਹੈ। ਇਸ ਦੇ ਬਾਵਜੂਦ ਮਾਨ ਸਰਕਾਰ ਨੇ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਤਬਦੀਲ ਕਰ ਦਿੱਤਾ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ। ਇਸ 'ਤੇ ਮੋਹਾਲੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ।


ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਦਲ ਚੁੱਕੀ ਹੈ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰੇਗੀ। ਜਦਕਿ ਐਸਆਈਟੀ ਦਾ ਮੁਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ। ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਬਣਾਈ ਸੀ। ਜਿਸ 'ਤੇ ਅਕਾਲੀ ਦਲ ਨੇ ਬਦਲਾ ਲੈਣ ਦੇ ਦੋਸ਼ ਲਾਏ ਸੀ।


ਇਹ ਵੀ ਪੜ੍ਹੋ: Rihanna ਦੇ ਬੁਆਏਫ੍ਰੈਂਡ A$AP Rocky ਨੂੰ ਕੀਤਾ ਗਿਆ ਗ੍ਰਿਫਤਾਰ, ਇੱਕ ਵਿਅਕਤੀ ਨੂੰ ਗੋਲੀ ਮਾਰਨ ਦੇ ਦੋਸ਼