NRI Punjabiyan Naal Milni: ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣ ਕੇ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ
ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ ਉਹ ਨਿੱਜੀ ਤੌਰ ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ।
Punjab News: ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ਵਿੱਚ ਕਲਪਨਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਮੋਗਾ ਸਥਿਤ ਆਈ ਐੱਸ ਐੱਫ ਕਾਲਜ ਵਿਖੇ ਕਰਵਾਏ ਗਏ “ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ” ਪ੍ਰੋਗਰਾਮ ਦੌਰਾਨ ਐਨ.ਆਰ.ਆਈ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਪਾਲਿਸੀ ਤਿਆਰ ਕਰ ਰਹੀ ਹੈ। ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਤੇ ਉਸ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀਆਂ ਆਯੋਜਿਤ ਕਰੇਗੀ। ਪੰਜਾਬ ਸਰਕਾਰ ਦੁਨੀਆ ਭਰ ਦੇ ਦੇਸ਼ਾਂ ਵਿੱਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੰਦੀ ਹੈ ਕਿ ਪੰਜਾਬ ਤੁਹਾਡਾ ਹੈ, ਤੁਸੀਂ ਪੰਜਾਬ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਵੱਧ ਹੈ।
While addressing during "NRI Punjabiyan Naal Milni" program in Moga, Cabinet Minister Kuldeep Singh Dhaliwal said that NRI Punjabis have made contribution towards prosperity of Punjab. Rangla Punjab in true sense cannot be imagined without active support of Punjabi diaspora. pic.twitter.com/kxphMjxIpN
— Government of Punjab (@PunjabGovtIndia) December 26, 2022
ਅੱਜ ਦੇ ਸਮਾਗਮ ਵਿੱਚ ਜ਼ਿਲ੍ਹਾ ਮੋਗਾ, ਜ਼ਿਲ੍ਹਾ ਫਾਜ਼ਿਲਕਾ, ਜ਼ਿਲ੍ਹਾ ਫਿਰੋਜ਼ਪੁਰ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਮਾਨਸਾ, ਜ਼ਿਲ੍ਹਾ ਫ਼ਰੀਦਕੋਟ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪ੍ਰਵਾਸੀਆਂ ਪੰਜਾਬੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਲਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਜ਼ਿਲ੍ਹਾ ਲੁਧਿਆਣਾ ਵਿਖੇ ਕੀਤੇ ਗਏ ਪ੍ਰੋਗਰਾਮ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਖੇ ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਪ੍ਰਵਾਸੀਆਂ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ।
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਕੰਟਰੈਕਟ ਵਿਆਹ ਦਾ ਟਰੈਂਡ ਸਾਹਮਣੇ ਆਇਆ ਹੈ ਅਜਿਹੇ ਕੇਸਾਂ ਵਿੱਚ ਆਈਲੈਂਟਸ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰਕੇ ਮੁੰਡੇ ਵਾਲੇ ਉਸ ਨੂੰ ਬਾਹਰ ਭੇਜਦੇ ਹਨ ਪਰ ਮਗਰੋਂ ਕੁੜੀ ਦੇ ਬਾਹਰ ਜਾਣ ਤੇ ਉਨ੍ਹਾਂ ਦਾ ਆਪਸੀ ਝਗੜਾ ਹੋ ਜਾਂਦਾ ਹੈ ਅਤੇ ਕੁੜੀ ਮੁੰਡੇ ਨੂੰ ਬਾਹਰ ਲਿਜਾਉਣ ਤੋਂ ਮੁਨਕਰ ਹੋ ਜਾਂਦੀ ਹੈ।
ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ ਉਹ ਨਿੱਜੀ ਤੌਰ ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ਵਿੱਚ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।
ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਸਥਾਪਨਾ ਛੇਤੀ ਤੋਂ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ਵਿੱਚ ਨਿਪਟਾਏ ਜਾ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬੱਚ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ ’ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ ਜਿਹੜੇ ਸਿਰਫ਼ ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁਕਵੇਂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਗੇ।
ਐਨ.ਆਰ.ਆਈ.ਪੰਜਾਬੀਆਂ ਨਾਲ ਮਿਲਣੀ ਦੌਰਾਨ ਵੱਖ-ਵੱਖ ਜਿਲਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ ਸਨ ਜਿਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੇ ਮਸਲੇ ਸੁਣਕੇ ਹੱਲ ਦੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆ ਰਹੇ ਸਨ। ਇਸ ਦੌਰਾਨ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।
ਕੈਬਨਿਟ ਮੰਤਰੀ ਨੇ ਐਨ.ਆਰ.ਆਈਜ਼ ਨੂੰ ਤਾਕੀਦ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਲਣੀ ਪ੍ਰੋਗਰਾਮ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਿਲਣੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਐਨ.ਆਰ.ਆਈਜ਼ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।