Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਤੇ ਚੁੱਲ੍ਹਾ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ।
1.33 ਕਰੋੜ ਵੋਟਰ ਆਪਣੀ ਵੋਟ ਦਾ ਕਰਨਗੇ ਇਸਤੇਮਾਲ
ਪੰਜਾਬ ਵਿੱਚ ਇਸ ਸਮੇਂ 13937 ਪਿੰਡਾਂ ਦੀਆਂ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ। ਇਸ ਦੇ ਨਾਲ ਹੀ ਇਸ ਵਾਰ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਵੀ ਸਰਕਾਰ ਲਈ ਚੁਣੌਤੀ ਹੈ। ਪਿੰਡਾਂ ਦਾ ਮਾਹੌਲ ਖ਼ਰਾਬ ਨਾ ਹੋਵੇ ਇਸ ਲਈ ਸਰਕਾਰ ਨੇ ਆਪਣੇ ਪੱਧਰ 'ਤੇ ਉਪਰਾਲੇ ਕੀਤੇ ਹਨ। ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣਾਂ ਨਾ ਕਰਵਾਉਣ ਦਾ ਪ੍ਰਸਤਾਵ ਵਿਧਾਨ ਸਭਾ 'ਚ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਹੈ ਕਿ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ ਪਰ ਇਸ ਤੋਂ ਬਾਅਦ ਵੀ ਕਈ ਥਾਵਾਂ 'ਤੇ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ।
ਚੰਡੀਗੜ੍ਹ ਵਿੱਚ ਸਥਾਪਤ ਕੀਤਾ ਇੱਕ ਕੰਟਰੋਲ ਰੂਮ
ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 'ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ 'ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।