Punjab Panchayat Elections: ਪੰਜਾਬ ਸਰਕਾਰ ਜਲਦੀ ਹੀ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ 16 ਜਨਵਰੀ ਤੱਕ ਲੋੜੀਂਦੀ ਜਾਣਕਾਰੀ ਦੇਣ ਲਈ ਕਿਹਾ ਹੈ ਤਾਂ ਜੋ ਪੰਚਾਇਤਾਂ ਦਾ ਕਾਰਜਕਾਲ ਖਤਮ ਹੁੰਦੇ ਸਾਰ ਇਨ੍ਹਾਂ ਨੂੰ ਭੰਗ ਕਰਕੇ ਪੰਚਾਇਤ ਅਧਿਕਾਰੀ ਨਿਯੁਕਤ ਕੀਤੇ ਜਾ ਸਕਣ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਤੇ ਉਨ੍ਹਾਂ ਦੇ ਰਿਕਾਰਡ ਨੂੰ ਸੰਭਾਲਣ ਲਈ ਏਈ, ਜੇਈ, ਵੀਡੀਓ, ਐਸਸੀਪੀਓ ਤੇ ਪੰਚਾਇਤ ਅਧਿਕਾਰੀ ਨਿਯੁਕਤ ਕਰਨ ਦੀ ਤਜਵੀਜ਼ ਹੈ। ਸੂਤਰਾਂ ਮੁਤਾਬਕ ਪਹਿਲੀ ਮੀਟਿੰਗ ਤੋਂ ਪੰਜ ਸਾਲ ਦੀ ਮਿਆਦ ਖਤਮ ਹੋਣ ਮਗਰੋਂ ਗ੍ਰਾਮ ਪੰਚਾਇਤਾਂ ਦਾ ਕੰਮ ਚਲਾਉਣ ਲਈ ਪ੍ਰਬੰਧਕ ਨਿਯੁਕਤ ਕੀਤੇ ਜਾਣੇ ਹਨ।
ਇਸ ਲਈ ਗ੍ਰਾਮ ਪੰਚਾਇਤਾਂ ਸਬੰਧੀ ਜ਼ਰੂਰੀ ਸੂਚਨਾ 16 ਜਨਵਰੀ ਤੱਕ ਮੰਗੀ ਗਈ ਹੈ। ਇਸ ਤੋਂ ਸਾਫ਼ ਹੈ ਕਿ ਸਰਕਾਰ ਜਲਦੀ ਹੀ ਪੰਚਾਇਤਾਂ ਨੂੰ ਭੰਗ ਕਰਕੇ ਅਧਿਕਾਰੀ ਨਿਯੁਕਤ ਕਰ ਸਕਦੀ ਹੈ। ਇਸ ਦੇ ਨਾਲ ਹੀ ਚੋਣਾਂ ਦਾ ਬਿਗੁਲ ਵੱਜ ਸਕਦਾ ਹੈ। ਚਰਚਾ ਹੈ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾ ਕੇ ਮਾਹੌਲ ਬਣਾਉਣਾ ਚਾਹੁੰਦੀ ਹੈ।
ਦੱਸ ਦਈਏ ਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦੇ ਸੰਭਾਲੇ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ। ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ ਜਿਨ੍ਹਾਂ ਲਈ ਚੋਣਾਂ ਹੋਣੀਆਂ ਹਨ।
ਯਾਦ ਰਹੇ ਇਸ ਤੋਂ ਪਹਿਲਾਂ ਅਗਸਤ 2023 ਵਿੱਚ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸਰਕਾਰ ਨੇ 10 ਅਗਸਤ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29-ਏ ਤਹਿਤ ਰਾਜਪਾਲ ਦੀ ਇਜਾਜ਼ਤ ਨਾਲ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਲਿਆ ਸੀ। ਜਦਕਿ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ।
ਇਸ ਤੋਂ ਬਾਅਦ ਕੁਝ ਗ੍ਰਾਮ ਪੰਚਾਇਤਾਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਸਰਪੰਚਾਂ ਵੱਲੋਂ ਦਲੀਲ ਦਿੱਤੀ ਗਈ ਕਿ ਚੁਣੇ ਹੋਏ ਨੁਮਾਇੰਦਿਆਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਗਲਤ ਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Fighter Trailer: ਦੀਪਿਕਾ ਪਾਦੂਕੋਣ ਤੇ ਰਿਤਿਕ ਰੋਸ਼ਨ ਦੀ ਫਿਲਮ 'ਫਾਈਟਰ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼, ਦੇਖ ਜਾਗੇਗਾ ਦੇਸ਼ ਭਗਤੀ ਦਾ ਜਜ਼ਬਾ
ਮਾਮਲਾ ਹਾਈ ਕੋਰਟ ਪੁੱਜਣ ਤੋਂ ਬਾਅਦ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਨੇ ਅਦਾਲਤ ਵਿੱਚ ਜਵਾਬ ਦਾਇਰ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਵਾਪਸ ਲਿਆ ਜਾਵੇਗਾ। ਸਰਕਾਰ ਦੇ ਯੂ-ਟਰਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਵੀ ਪੰਜਾਬ ਸਰਕਾਰ ਦੀ ਜੰਮ ਕੇ ਖਿਚਾਈ ਕੀਤੀ ਸੀ।
ਇਹ ਵੀ ਪੜ੍ਹੋ: Viral Video: ਭੱਜ ਕੇ ਆਇਆ ਤੇ ਪਾਇਲਟ ਨੂੰ ਮਾਰਿਆ ਮੁੱਕਾ, ਇੰਡੀਗੋ ਫਲਾਈਟ 'ਚ ਮਚਿਆ ਹੰਗਾਮਾ