ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜੁਲਾਈ, 2022 ਤੱਕ ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚਿਆਂ ਨੂੰ 717.41 ਕਰੋੜ ਰੁਪਏ ਪੈਨਸ਼ਨ ਦੀ ਵੰਡ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਪੈਨਸ਼ਨ ਲੈ ਰਹੇ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ
ਮਹਿਲਾਵਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ ਕੁੱਲ 9,89,041 ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚੇ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ 717.41 ਕਰੋੜ ਰੁਪਏ ਦੀ ਪੈਨਸ਼ਨ ਵੰਡੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਹੈ, ਜਿਸ ਵਿੱਚੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਲਈ 1547.55 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਬੇਸਹਾਰਾ ਮਹਿਲਾਵਾਂ, 21 ਸਾਲ ਤੋਂ ਘੱਟ ਉਮਰ ਦੇ ਬੇਸਹਾਰਾ ਬੱਚੇ ਅਤੇ 50 ਫੀਸਦੀ ਤੇ ਇਸ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਲਈ ਕੋਈ ਉਮਰ ਸੀਮਾ ਨਹੀਂ ਹੈ।

ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਉਹ ਉਪਰੋਕਤ ਪੈਨਸ਼ਨ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਂਦਾ ਹੈ, ਜਿਸ ਲਈ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਪੈਨਸ਼ਨ ਹਾਸਲ ਕਰਨ ਵਾਲੇ 96 ਫੀਸਦੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਿਆ ਹੈ।


ਇਹ ਵੀ ਪੜ੍ਹੋ


ਰਾਸ਼ਟਰਮੰਡਲ ਖੇਡਾਂ ਦੇ ਜੇਤੂ ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਕੱਲ੍ਹ 9.30 ਕਰੋੜ ਰੁਪਏ ਰਾਸ਼ੀ ਦੇ ਕੇ ਕਰਨਗੇ ਸਨਮਾਨਿਤ