Punjab News: ਭਾਰਤੀ ਨੌਜਵਾਨਾਂ ਨੂੰ ਜਬਰੀ ਰੂਸੀ ਫੌਜ ਵਿੱਚ ਭਰਤੀ ਕਰਕੇ ਯੂਕਰੇਨ ਵਿੱਚ ਜੰਗ ਲਈ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ, ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ ਵਿੱਚ ਵਿਦੇਸ਼ ਮੰਤਰਾਲੇ ਅਤੇ ਰੂਸੀ ਫੈਡਰੇਸ਼ਨ ਕੋਲ ਇਹ ਮੁੱਦਾ ਉਠਾਇਆ ਹੈ।
ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦੀ ਹੱਲ ਕਰਨ ਦੀ ਲੋੜ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਵਿੱਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਹਨ, ਜੋ ਵਿਜ਼ਟਰ ਵੀਜ਼ੇ 'ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ।
ਐੱਸ. ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਏਜੰਟਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਦਾ ਲਾਲਚ ਦੇ ਕੇ ਰੂਸੀ ਫ਼ੌਜ ਵਿੱਚ ‘ਸਹਾਇਕ’ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਸੀ।
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜੰਗ ਦੌਰਾਨ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਵਾਪਸ ਲਿਆਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਸੱਤ ਭਾਰਤੀ ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਜੰਗੀ ਖੇਤਰ ਵਿੱਚ ਫਸੇ ਹੋਏ ਹਨ।